ਜਲੰਧਰ,ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 21 ਅਤੇ 11 ਪੰਚਾਇਤ ਸੰਮਤੀਆਂ ਦੇ 188 ਜ਼ੋਨਾਂ ਲਈ ਬਣਾਏ ਗਏ 1209 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 8,30,669 ਵੋਟਰਾਂ ਵਲੋਂ ਕੁੱਲ 669 ਉਮੀਦਵਾਰਾਂ ਲਈ ਵੋਟਾਂ ਪਾਈਆਂ ਜਾਣਗੀਆਂ।
ਡਾ.ਅਗਰਵਾਲ ਨੇ ਅੱਗੇ ਦੱਸਿਆ ਕਿ ਪੋਲ ਹੋਈਆਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਹੋਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹੂਲਤ ਲਈ ਹਰੇਕ ਪੁਲਿੰਗ ਬੂਥ ’ਤੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਉਨ੍ਹਾਂ ਜ਼ਿਲ੍ਹੇ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਬਿਨ੍ਹਾਂ ਕਿਸੇ ਡਰ ਅਤੇ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।
