ਸਮੁਚੇ ਪੰਜਾਬ ਵਿੱਚ ਜਲ ਪ੍ਰਦੂਸ਼ਣ ਇੱਕ ਵੱਡੀ ਸਮੱਸਿਆ ਬਣੀ ਹੋਈ ਹੈ ਅਤੇ ਇਸਦਾ ਮੁੱਖ ਕਾਰਨ ਉਦਯੋਗਿਕ ਰਹਿੰਦ-ਖੂੰਹਦ ਦਾ ਗਲਤ ਨਿਪਟਾਰਾ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਵਿੱਚ ਕੁਲ 25374 ਉਦਯੋਗਿਕ ਯੂਨਿਟ ਹਨ, ਜਿਨ੍ਹਾਂ ਵਿਚੋਂ 2906 ਬੰਦ ਪਏ ਹਨ, ਅਤੇ 22468 ਚਾਲੂ ਹਨ।
ਕੇਂਦਰੀ ਰਾਜ ਮੰਤਰੀ ਦੇ ਮੁਤਾਬਕ ਸੂਬੇ ਵਿੱਚ 6,293 ਉਦਯੋਗ ਵੱਲੋਂ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਕੇਂਦਰੀ ਮੰਤਰੀ ਚੌਬੇ ਵੱਲੋਂ ਦੱਸਿਆ ਗਿਆ ਕਿ ਇਸ ਸਮੇਂ ਸੂਬਾ ਪੰਜ ਦਰਿਆ ਪ੍ਰਦੂਸ਼ਣ ਦਾ ਸਾਹਮਣਾ ਕਰ ਰਿਹਾ ਹੈ, ਜਿਨ੍ਹਾਂ ‘ਚੋਂ ਤਿੰਨ ਸਭ ਤੋਂ ਵੱਧ ਪ੍ਰਦੂਸ਼ਿਤ ਸ਼੍ਰੇਣੀ ਵਿੱਚ ਹਨ।
ਇਹ ਜਾਣਕਾਰੀ ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਅਸ਼ਵਨੀ ਕੁਮਾਰ ਚੌਬੇ ਵੱਲੋਂ ਰਾਜ ਸਭਾ ‘ਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਸਵਾਲ ਦੇ ਜਵਾਬ ‘ਚ ਦਿੱਤੀ ਗਈ।
ਇਸ ਦੇ ਨਾਲ ਹੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੱਲੋਂ ਪੰਜਾਬ ਦੇ 85 ਉਦਯੋਗਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸਦਾ ਕਾਰਨ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਵਾਤਾਵਰਣ ਲਈ ਖ਼ਤਰਾ ਪੈਦਾ ਕਰ ਰਹੇ ਹਨ। ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ 4452 ਉਦਯੋਗਿਕ ਇਕਾਈਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ।
ਅੰਕੜਿਆਂ ਮੁਤਾਬਕ 4452 ਯੂਨਿਟਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਜਦਕਿ 85 ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੌਰਾਨ 1756 ਉਦਯੋਗਿਕ ਇਕਾਈਆਂ ਦੇ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ
