ਜਲੰਧਰ, 25 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਸ਼ਨਿੱਚਰਵਾਰ ਨੂੰ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੰਤ ਨਿਰੰਜਨ ਦਾਸ ਜੀ ਨੂੰ ਸੌਂਪੀ।
ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਸਿੱਖਿਆ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਬਾਰੇ ਵਿਆਪਕ ਖੋਜ ਅਤੇ ਅਧਿਅਨ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਭਗਤੀ ਲਹਿਰ ਦੇ ਮੋਹਰੀ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪ੍ਰਚਾਰਨ ਵਿੱਚ ਵੀ ਸਹਾਈ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਧੰਨ ਹਨ ਕਿ ਉਨ੍ਹਾਂ ਨੂੰ ਮਹਾਨ ਧਾਰਮਿਕ ਆਗੂਆਂ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਹਮੇਸ਼ਾ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫ਼ਿਰਕੂ ਸਦਭਾਵਨਾ ਦਾ ਸੰਦੇਸ਼ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸੂਬਾ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਹੋਰ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਖੇਤਰਾਂ ਵਿੱਚ ਪਹਿਲਾਂ ਹੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਨੇ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਪਹਿਲਾਂ ਹੀ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਗਰੀਬ ਪੱਖੀ ਪਹਿਲਕਦਮੀ ਆਮ ਲੋਕਾਂ ਦੇ ਜੀਵਨ ਨੂੰ ਬਦਲਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ।
