Business Khas

Latest news
You are currently viewing ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ’ਚ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ : ਬਲਕਾਰ ਸਿੰਘ

ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ’ਚ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ : ਬਲਕਾਰ ਸਿੰਘ

ਜਲੰਧਰ, 26 ਫਰਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਅੱਜ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਸ਼ੀਤਲ ਅੰਗੁਰਾਲ ਅਤੇ ਰਮਨ ਅਰੋੜਾ ਸਮੇਤ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਦਿਓਲ ਨਗਰ ਇਲਾਕੇ ਵਿੱਚ ਨਵਾਂ ਟਿਊਬਵੈੱਲ, ਆਦਰਸ਼ ਨਗਰ ਵਿਖੇ ਪਾਰਕ ਦੇ ਨਵੀਨੀਕਰਨ ਦਾ ਕੰਮ ਅਤੇ ਸਪੋਰਟਸ ਐਂਡ ਸਰਜੀਕਲ ਕੰਪਲੈਕਸ ਜਲੰਧਰ ਵਿਖੇ ਫਾਇਰ ਸਟੇਸ਼ਨ ਦੀ ਸਥਾਪਨਾ ਦੇ ਨੀਂਹ ਪੱਥਰ ਸ਼ਾਮਲ ਹਨ।ਇਨ੍ਹਾਂ ਸਾਰੇ ਪ੍ਰਾਜੈਕਟਾਂ ’ਤੇ 1.91 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਵੇਂ ਵਿਕਾਸ ਪ੍ਰਾਜੈਕਟਾਂ ਰਾਹੀਂ ਸ਼ਹਿਰੀ ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ ਅਤੇ ਨਵੀਨੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਸਰਕਾਰ ਪਾਸ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਮਾਮਲੇ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਮੰਤਰੀ ਨੇ ਦਿਓਲ ਨਗਰ ਵਿਖੇ 21.48 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਸਪੋਰਟਸ ਅਤੇ ਸਰਜੀਕਲ ਕੰਪਲੈਕਸ ਵਿੱਚ 121.71 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਫਾਇਰ ਸਟੇਸ਼ਨ ਸਥਾਪਤ ਕੀਤਾ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਸੇਵਾ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਿਲੱਖਣ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਨੂੰ ਹੱਲ ਕਰਨ ਦੇ ਉਦੇਸ਼ ਨਾਲ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਵੱਲੋਂ ਪਿੰਡਾਂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਪਹੁੰਚ ਕੇ ਨਾਗਰਿਕਾਂ ਨੂੰ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਵਿਧਾਇਕ ਰਮਨ ਅਰੋੜਾ ਅਤੇ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਨਵੇਂ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ, ਵਧੀਕ ਕਮਿਸ਼ਨਰ ਅਮਰਜੀਤ ਸਿੰਘ ਆਦਿ ਵੀ ਮੌਜੂਦ ਸਨ।