ਚੰਡੀਗੜ੍ਹ, (ਸੰਜੇ ਸ਼ਰਮਾ)-ਇਕ ਇਤਿਹਾਸਕ ਘਟਨਾਕ੍ਰਮ ਵਿਚ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਰਲੇਵਾਂ ਹੋ ਗਿਆ ਤਾਂ ਜੋ ਪੰਥ ਤੇ ਪੰਜਾਬ ਨੂੰ ਮਜ਼ਬੂਤ ਕੀਤਾ ਜਾ ਸਕੇ।ਦੋਵਾਂ ਪਾਰਟੀਆਂ ਦੇ ਰਲੇਵੇਂ ਨੂੰ ਪੰਜਾਬ ਨੂੰ ਮੁੜ ਲੀਹਾਂ ’ਤੇ ਲਿਆਉਣ ਲਈ ਸਾਂਝੀ ਜ਼ਿੰਮੇਵਾਰੀ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਾਡੇ ਆਗੂਆਂ ਤੇ ਵਰਕਰਾਂ ਵਿਚ ਇਹ ਮਜ਼ਬੂਤ ਭਾਵਨਾ ਸੀ ਕਿ ਪੰਥ ਲਈ ਏਕਤਾ ਜ਼ਰੂਰੀ ਹੈ, ਇਸ ਵਾਸਤੇ ਸ਼੍ਰੋਮਣੀ ਅਕਾਲੀ ਦਲ ਨਾਲ ਰਲੇਵਾਂ ਹੋਣਾ ਚਾਹੀਦਾ ਹੈ। ਉਹਨਾਂ ਇਹ ਵੀ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੇ 2015 ਵਿਚ ਵਾਪਰੇ ਬੇਅਦਬੀ ਮਾਮਲਿਆਂ ਲਈ ਦਿਲੋਂ ਮੁਆਫੀ ਮੰਗ ਲਈ ਸੀ। ਇਸ ਮਗਰੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਬੀਤੇ ਕੱਲ੍ਹ ਮੀਟਿੰਗ ਸੱਦੀ ਜਿਸ ਵਿਚ ਏਕੇ ਨੂੰ ਪ੍ਰਵਾਨਗੀ ਦਿੱਤੀ ਗਈ।ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੇ ਸੰਗਰੂਰ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਦੇ ਨਾਲ ਸਰਦਾਰ ਢੀਂਡਸਾ ਦੀ ਰਿਹਾਇਸ਼ ’ਤੇ ਪਹੁੰਚੇ।ਬਾਅਦ ਵਿਚ ਸਰਦਾਰ ਢੀਂਡਸਾ ਦੀ ਰਿਹਾਇਸ਼ ’ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੋਵਾਂ ਪਾਰਟੀਆਂ ਦੇ ਰਲੇਵੇਂ ਨੂੰ ਦੋ ਪਰਿਵਾਰਾਂ ਦਾ ਰਲੇਵਾਂ ਕਰਾਰ ਦਿੱਤਾ। ਉਹਨਾਂ ਨੇ ਸਰਦਾਰ ਢੀਂਡਸਾ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਦੀ ਜ਼ਿੰਮੇਵਾਰੀ ਸੰਭਾਲਣ ਕਿਉਂਕਿ ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸਦੀਵੀਂ ਵਿਛੋੜੇ ਤੋਂ ਬਾਅਦ ਪਾਰਟੀ ਦੇ ਸਭ ਤੋਂ ਸੀਨੀਅਰ ਆਗੂ ਹਨ।ਉਹਨਾਂ ਨੇ ਕਿਹਾ ਕਿ ਸਰਦਾਰ ਢੀਂਡਸਾ ਦੇ ਨਾਲ ਸਰਦਾਰ ਬਲਵਿੰਦਰ ਸਿੰਘ ਭੂੰਦੜ ਵਰਗੇ ਸੀਨੀਅਰ ਆਗੂਆਂ ਨੇ ਆਪਣੀਆਂ ਨਿੱਜੀ ਕੁਰਬਾਨੀਆਂ ਦੇ ਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨਾਲ ਰਲ ਕੇ ਪਾਰਟੀ ਦਾ ਨਿਰਮਾਣ ਕੀਤਾ ਹੈ।ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਸਮੇਤ ਸਾਰੇ ਆਗੂਆਂ ਜਿਹਨਾਂ ਨੇ ਅੱਜ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ, ਨੂੰ ਭਰੋਸਾ ਦੁਆਇਆ ਕਿ ਉਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਤੇ ਸਤਿਕਾਰ ਦਿੱਤਾ ਜਾਵੇਗਾ।
ਉਹਨਾਂ ਨੇ ਸਾਬਕਾ ਵਿੱਤ ਮੰਤਰੀ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਦੇ ਵੀ ਪਾਰਟੀ ਵਿਚ ਸ਼ਾਮਲ ਹੋਣ ਦਾ ਸਵਾਗਤ ਕਰਦਿਆਂ ਉਹਨਾਂ ਵੱਲੋਂ ਪੰਜਾਬ ਲਈ ਪਾਏ ਯੋਗਦਾਨ ਦੀ ਵੀ ਸ਼ਲਾਘਾ ਕੀਤੀ।ਸਰਦਾਰ ਬਾਦਲ ਨੇ ਹੱਥ ਜੋੜ ਕੇ ਅਕਾਲੀ ਦਲ ਛੱਡ ਕੇ ਗਏ ਅਕਾਲੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਮੁੜ ਪਾਰਟੀ ਵਿਚ ਸ਼ਾਮਲ ਹੋਣ ਤੇ ਕਿਹਾ ਕਿ ਇਕੱਲਾ ਅਕਾਲੀ ਦਲ ਹੀ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਰਾਖੀ ਕਰਨ ਦੇ ਸਮਰਥ ਹੈ। ਉਹਨਾਂ ਕਿਹਾ ਕਿ ਮੈਂ ਹਰ ਕਿਸੇ ਤੋਂ ਮੁਆਫੀ ਮੰਗਦਾ ਹਾਂ।ਮੀਡੀਆ ਦੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਫਿਰ ਦੁਹਰਾਇਆ ਕਿ ਉਹ ਬੀਬੀ ਜਗੀਰ ਕੌਰ ਜੀ ਨੂੰ ਵੀ ਹੱਥ ਜੋੜ ਕੇ ਬੇਨਤੀ ਕਰਦੇ ਹਨ ਕਿ ਉਹ ਪਾਰਟੀ ਵਿਚ ਵਾਪਸ ਆ ਜਾਣ।ਇਸ ਤੋਂ ਪਹਿਲਾਂ ਜਦੋਂ ਪੱਤਰਕਾਰਾਂ ਨੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਸਵਾਲ ਕੀਤਾ ਤਾਂ ਉਹਨਾਂ ਕਿਹਾ ਕਿ ਉਹ ਅੱਜ ਪਾਰਟੀ ਆਗੂਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਇਸ ਕਰ ਕੇ ਸ਼ਾਮਲ ਹੋਏ ਹਨ ਕਿਉਂਕਿ ਇਸ ਵੇਲੇ ਪੰਜਾਬ ਵਿਚ ਇਸਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਜੋ ਕੱਲ੍ਹ ਵਿਧਾਨ ਸਭਾ ਵਿਚ ਹੋਇਆ, ਉਹ ਸਭ ਨੇ ਵੇਖਿਆ ਤੇ ਪੰਜਾਬੀਆਂ ਨੇ ਕਦੇ ਇਕ ਮੁੱਖ ਮੰਤਰੀ ਨੂੰ ਇਸ ਤਰੀਕੇ ਵਿਹਾਰ ਕਰਦੇ ਨਹੀਂ ਵੇਖਿਆ। ਉਹਨਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਚੁੱਕੀ ਹੈ ਅਤੇ ਕਿਸਾਨਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਤੇ ਸਮਾਜ ਦੇ ਹੋਰ ਵਰਗ, ਵਪਾਰੀ ਅਤੇ ਉਦਯੋਗਪਤੀ ਵੀ ਅਕਾਲੀ ਏਕੇ ਦੀ ਉਡੀਕ ਕਰ ਰਹੇ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਹਮੇਸ਼ਾ ਆਪਣੇ ਪੁੱਤਰਾਂ ਵਾਂਗੂ ਸਮਝਿਆ ਹੈ ਤੇ ਅਕਾਲੀ ਦਲ ਦੀ ਅਗਵਾਈ ਵਾਸਤੇ ਉਹਨਾਂ ਦਾ ਨਾਂ ਵੀ ਪੇਸ਼ ਕੀਤਾ ਸੀ।ਇਸ ਮੌਕੇ ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਸਰਦਾਰ ਗੋਬਿੰਦ ਸਿੰਘ ਲੌਂਗੋਵਾਲ, ਸਰਦਾਰ ਸੁਰਜੀਤ ਸਿੰਘ ਰੱਖੜਾ, ਸਰਦਾਰ ਇਕਬਾਲ ਸਿੰਘ ਝੂੰਦਾ, ਸ੍ਰੀ ਅਨਿਲ ਜੋਸ਼ੀ, ਸ੍ਰੀ ਐਨ ਕੇ ਸ਼ਰਮਾ ਅਤੇ ਸਰਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਵੀ ਹਾਜ਼ਰ ਸਨ।
