ਜਲੰਧਰ, 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ।
ਉਪਰੰਤ ਕੈਬਨਿਟ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵੀ ਮੌਜੂਦ ਸਨ। ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਦੇਸ਼ ਅਤੇ ਦੁਨੀਆ ਦੇ ਕੋਨੇ-ਕੋਨੇ ਵਿਚ ਵੱਸਦੇ ਭਾਰਤੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ।
ਕੈਬਨਿਟ ਮੰਤਰੀ ਨੇ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਸਿੱਜਦਾ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ।
