ਜਲੰਧਰ,(ਸੰਜੇ ਸ਼ਰਮਾ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਗਣਤੰਤਰ ਦਿਵਸ ਸਮਾਗਮ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਇਸ ਮਹੱਤਪੂਰਣ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ। ਡਾ. ਅਗਰਵਾਲ ਨੇ ਦੱਸਿਆ ਕਿ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਦੌਰਾਨ ਲੋਕਾਂ ਦੀ ਸਹੂਲਤ ਲਈ ਮੈਡੀਕਲ ਟੀਮਾਂ ਦੀ ਤਾਇਨਾਤੀ ਦੇ ਨਾਲ-ਨਾਲ ਦਵਾਈਆਂ ਅਤੇ ਐਂਬੂਲੈਂਸ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਮਾਗਮ ਦੌਰਾਨ ਪੁਲਿਸ ਵਿਭਾਗ ਨੂੰ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਸੁਚੱਜੇ ਪ੍ਰਬੰਧਾਂ ਲਈ ਵਿਭਾਗ ਨੂੰ ਰਿਹਰਸਲਾਂ ਦੌਰਾਨ ਆਪਣਾ ਇਕ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਸਮਾਗਮ ਵਿੱਚ ਵਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਏ.ਡੀ.ਸੀ.ਪੀ. (ਹੈੱਡਕੁਆਰਟਰ) ਸੁਖਵਿੰਦਰ ਸਿੰਘ, ਐਸ.ਡੀ.ਐਮਜ਼. ਬਲਬੀਰ ਰਾਜ ਸਿੰਘ ਅਤੇ ਰਣਦੀਪ ਸਿੰਘ ਹੀਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਡਾ. ਗੁਰਿੰਦਰਜੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
