ਜਲੰਧਰ, ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੇ ਦਿਨ ਤੋਂ ਹੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸਿਧਾਂਤਾ ’ਤੇ ਲਗਾਤਾਰ ਪਹਿਰਾ ਦੇ ਰਹੀ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਦਲਿਤ ਭਾਈਚਾਰੇ ਨੂੰ ਆਪਣੇ ਫਾਇਦੇ ਲਈ ਇਸਤੇਮਾਲ ਕੀਤਾ ਹੈ। ਇਹ ਵਿਚਾਰ ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਪ੍ਰਗਟ ਕੀਤੇ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਗਠਨ ਦੇ ਪਹਿਲੇ ਦਿਨ ਹੀ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ.ਅੰਬੇਡਕਰ ਜੀ ਦੀਆਂ ਤਸਵੀਰਾਂ ਲਗਾਈਆਂ ਜਾਣ ਜਦਕਿ ਪਿਛਲੀਆਂ ਸਰਕਾਰਾਂ ਦੌਰਾਨ ਤਤਕਾਲੀ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਵਿੱਚ ਆਪਣੀਆਂ ਹੀ ਤਸਵੀਰਾਂ ਲਗਵਾਉਂਦੇ ਰਹੇ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਕੌਂਸਲਰ ਅਸ਼ਵਨੀ ਅਗਰਵਾਲ ਸਮੇਤ ਪ੍ਰੈਸ ਕਾਨਫਰੰਸ ਵਿੱਚ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਡਾ. ਅੰਬੇਡਕਰ ਜੀ ਦੀ ਸੋਚ ਸੀ ਕਿ ਸਮਾਜ ਵਿੱਚ ਸਭ ਨੂੰ ਬਰਾਬਰੀ ਦਾ ਅਧਿਕਾਰ ਮਿਲੇ ਅਤੇ ਸਿੱਖਿਆ ਦੀ ਤਾਕਤ ਹਰ ਨਾਗਰਿਕ ਕੋਲ ਹੋਵੇ।
ਇਸੇ ਸੋਚ ’ਤੇ ਪਹਿਰਾ ਦਿੰਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। ਸਰਕਾਰੀ ਸਕੂਲਂ ਵਿੱਚ ਅਜਿਹੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਹਨ, ਜਿਸ ਸਦਕਾ ਸਰਕਾਰੀ ਸਕੂਲਾਂ ਦਾ ਸਿੱਖਿਆ ਦਾ ਪੱਧਰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਪਹੁੰਚ ਗਿਆ ਹੈ।
