ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਤਹਿਤ ਨਜ਼ਰਬੰਦੀ ਇਕ ਸਾਲ ਲਈ ਵਧਾਉਣ ਦਾ ਫੈਸਲਾ ਕੀਤਾ ਹੈ। ਅੰਮ੍ਰਿਤਪਾਲ ਸਿੰਘ (32) ਇਸ ਸਮੇਂ ਅਸਾਮ ਦੇ ਡਿਬਰੂਗੜ੍ਹ ਦੀ ਜੇਲ ’ਚ ਬੰਦ ਹੈ ਅਤੇ ਉਸ ਨੂੰ 23 ਅਪ੍ਰੈਲ, 2023 ਨੂੰ ਗ੍ਰਿਫਤਾਰੀ ਤੋਂ ਬਾਅਦ ਐਨ.ਐਸ.ਏ. ਤਹਿਤ ਹਿਰਾਸਤ ’ਚ ਲਿਆ ਗਿਆ ਸੀ।ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੀ ਨਜ਼ਰਬੰਦੀ ਨਹੀਂ ਵਧਾਈ ਸੀ, ਜਿਨ੍ਹਾਂ ਨੂੰ ਡਿਬਰੂਗੜ੍ਹ ਜੇਲ ਤੋਂ ਪੰਜਾਬ ਵਾਪਸ ਲਿਆਂਦਾ ਗਿਆ ਹੈ। ਸਾਲ 2023 ਦੇ ਅਜਨਾਲਾ ਥਾਣੇ ’ਤੇ ਹੋਏ ਹਮਲੇ ਦੇ ਸਬੰਧ ’ਚ ਗ੍ਰਿਫਤਾਰ ਕੀਤੇ ਗਏ ਇਨ੍ਹਾਂ 9 ਸਾਥੀਆਂ ਨੂੰ ਐਨ.ਐਸ.ਏ. ਤਹਿਤ ਹਿਰਾਸਤ ਖਤਮ ਹੋਣ ਤੋਂ ਬਾਅਦ ਪੰਜਾਬ ਵਾਪਸ ਲਿਆਂਦਾ ਗਿਆ ਸੀ।
ਇਨ੍ਹਾਂ ਦੀ ਪਛਾਣ ਬਸੰਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਗਿੱਲ ਉਰਫ ਗੁਰਮੀਤ ਬੁੱਕਣਵਾਲਾ, ਸਰਬਜੀਤ ਸਿੰਘ ਕਲਸੀ ਉਰਫ ਦਲਜੀਤ ਸਿੰਘ ਕਲਸੀ, ਗੁਰਿੰਦਰਪਾਲ ਸਿੰਘ ਔਜਲਾ ਉਰਫ ਗੁਰੀ ਔਜਲਾ, ਹਰਜੀਤ ਸਿੰਘ ਉਰਫ ਚਾਚਾ, ਕੁਲਵੰਤ ਸਿੰਘ ਧਾਲੀਵਾਲ ਉਰਫ ਕੁਲਵੰਤ ਸਿੰਘ, ਵਰਿੰਦਰ ਜੌਹਲ ਅਤੇ ਪਪਲਪ੍ਰੀਤ ਸਿੰਘ ਵਜੋਂ ਹੋਈ ਹੈ।
‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਤਰਨ ਤਾਰਨ ਜ਼ਿਲ੍ਹੇ ਦੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੜੀਆਂ ਸਨ। ਅੰਮ੍ਰਿਤਪਾਲ ਸਿੰਘ ਨੂੰ ਇਕ ਮਹੀਨੇ ਤੋਂ ਵੱਧ ਸਮੇਂ ਦੀ ਭਾਲ ਤੋਂ ਬਾਅਦ 23 ਅਪ੍ਰੈਲ, 2023 ਨੂੰ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ’ਤੇ ਲੋਕਾਂ ਵਿਚਕਾਰ ਅਸ਼ਾਂਤੀ ਫੈਲਾਉਣ, ਕਤਲ ਦੀ ਕੋਸ਼ਿਸ਼, ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕਰਨ ਅਤੇ ਸਰਕਾਰੀ ਕਰਮਚਾਰੀਆਂ ਵਲੋਂ ਕਾਨੂੰਨੀ ਤੌਰ ’ਤੇ ਡਿਊਟੀ ਨਿਭਾਉਣ ਵਿਚ ਰੁਕਾਵਟ ਪੈਦਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।
