Business Khas

You are currently viewing ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ

ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ

ਪਟਿਆਲਾ/ਫਤਿਹਗੜ੍ਹ ਸਾਹਿਬ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਲੋਕਾਂ ਨੂੰ ਜ਼ੋਰਦਾਰ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੜਕਾਂ ਦੇ ਨਿਰਮਾਣ ਦੇ ਚੱਲ ਰਹੇ ਕੰਮ ਦੀ ਨਿੱਜੀ ਤੌਰ `ਤੇ ਨਿਗਰਾਨੀ ਕਰਨ ਦੀ ਅਪੀਲ ਕੀਤੀ ਕਿਉਂਕਿ ਇਹ ਲੋਕਾਂ ਦੀ ਆਪਣੀ ਜਾਇਦਾਦ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਇਸ ਕੰਮ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਅਤੇ ਜੇ ਕੋਈ ਬੇਨਿਯਮੀ ਹੁੰਦੀ ਹੈ ਤਾਂ ਉਹ ਸੂਬਾ ਸਰਕਾਰ ਦੇ ਧਿਆਨ ਵਿੱਚ ਲਿਆਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕੰਮ ਵਿੱਚ ਕੁਤਾਹੀ ਕਰਨ ਵਾਲੇ ਠੇਕੇਦਾਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਸੜਕ ਨਿਰਮਾਣ ਕਾਰਜ ਨੂੰ ਸ਼ੁਰੂ ਕੀਤਾ ਹੈ, ਜਿਸ ਵਿੱਚ ਕੁੱਲ 16,209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਬਣਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਦੇ ਅੰਤ ਤੱਕ ਸੂਬਾ ਸਰਕਾਰ ਪੰਜਾਬ ਦੇ ਸਾਰੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਕੁੱਲ 16,209 ਕਰੋੜ ਰੁਪਏ ਦੀ ਲਾਗਤ ਨਾਲ ਕੁੱਲ 44,920 ਕਿਲੋਮੀਟਰ ਸੜਕਾਂ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸੜਕਾਂ ਦੇ ਨਿਰਮਾਣ ਨਾਲ ਪੰਜ ਸਾਲਾਂ ਦੀ ਸਾਂਭ-ਸੰਭਾਲ ਦੀ ਸ਼ਰਤ ਜੋੜੀ ਗਈ ਹੈ, ਜਿਸ ਨਾਲ ਵਿਸ਼ਵ ਪੱਧਰੀ ਸੜਕ ਸੁਰੱਖਿਆ ਮਾਪਦੰਡਾਂ ਦੇ ਨਾਲ-ਨਾਲ ਉੱਚ ਗੁਣਵੱਤਾ ਦੇ ਮਿਆਰ ਯਕੀਨੀ ਬਣਨਗੇ।