Business Khas

Latest news
You are currently viewing ਡਿਪਟੀ ਕਮਿਸ਼ਨਰ ਨੇ ਜਲੰਧਰ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ‘ਚ ਵੱਧ-ਚੜ੍ਹ ਕੇ ਪਹੁੰਚਣ ਦਾ ਦਿੱਤਾ ਸੱਦਾ

ਡਿਪਟੀ ਕਮਿਸ਼ਨਰ ਨੇ ਜਲੰਧਰ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ‘ਚ ਵੱਧ-ਚੜ੍ਹ ਕੇ ਪਹੁੰਚਣ ਦਾ ਦਿੱਤਾ ਸੱਦਾ

ਜਲੰਧਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਵਿੱਚ ਭਾਗ ਲੈਣ ਵਾਲੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦੇਸ਼ ਭਗਤੀ ਦੀ ਭਾਵਨਾ ‘ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਨੂੰ ਗਹੁ ਨਾਲ ਵਾਚਿਆ ਅਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਊਰਜਾ, ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਨਾਲ ਆਪਣੀਆਂ ਪੇਸ਼ਕਾਰੀਆਂ ਦੇਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਸਮਾਗਮ ਨੂੰ ਯਾਦਗਾਰੀ ਬਣਾਇਆ ਜਾ ਸਕੇ।

ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮਾਈਨਜ਼ ਤੇ ਜਿਆਲੋਜੀ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ। ਜਦਕਿ ਵੱਖ-ਵੱਖ ਵਿਭਾਗਾਂ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਜਾਵੇਗਾ।