ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਵੀਰਵਾਰ ਨੂੰ ਨੌਂ ਦਿਨਾਂ ਦੇ ਅੰਦਰ ਦੂਜੀ ਵਾਰ ਐਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਦਫ਼ਤਰ ਪਹੁੰਚੇ। ED ਵੱਲੋਂ ਜਾਰੀ ਨੋਟਿਸ ਦੇ ਤਹਿਤ ਉਹ ਸਵੇਰੇ ਦਫ਼ਤਰ ਵਿੱਚ ਪੇਸ਼ ਹੋਏ। ਵਿਧਾਇਕ ਰਮਨ ਅਰੋੜਾ ਨੇ ਦਫ਼ਤਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਮੀਡੀਆ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਨਹੀਂ ਕੀਤੀ ਅਤੇ ਸਿੱਧੇ ਅੰਦਰ ਚਲੇ ਗਏ। ਕਰੀਬ ਦੋ ਘੰਟੇ ਚੱਲੀ ਪੁੱਛਗਿੱਛ ਤੋਂ ਬਾਅਦ ਜਦੋਂ ਉਹ ਬਾਹਰ ਆਏ ਤਾਂ ਉਨ੍ਹਾਂ ਨੇ ਮੀਡੀਆ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਦਿੱਤਾ ਅਤੇ ਆਪਣੇ ਪੁੱਤਰ ਨਾਲ ਕਾਰ ਵਿੱਚ ਬੈਠ ਕੇ ਰਵਾਨਾ ਹੋ ਗਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 2 ਜੂਨ ਨੂੰ ਵੀ ਰਮਨ ਅਰੋੜਾ ED ਦਫ਼ਤਰ ਪਹੁੰਚੇ ਸਨ। ਉਸ ਸਮੇਂ ਉਹ ਆਪਣੇ ਨਾਲ ਲੋੜੀਂਦੇ ਦਸਤਾਵੇਜ਼ ਲੈ ਕੇ ਆਏ ਸਨ ਅਤੇ ED ਵੱਲੋਂ ਉਨ੍ਹਾਂ ਤੋਂ ਲਗਭਗ ਸਾਢੇ ਅੱਠ ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਰਮਨ ਅਰੋੜਾ ਇਸ ਵੇਲੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜ਼ਮਾਨਤ ‘ਤੇ ਹਨ। ਵਿਜੀਲੈਂਸ ਵੱਲੋਂ ਦਰਜ ਕੀਤੀ ਗਈ FIR ਨੂੰ ਆਧਾਰ ਬਣਾਉਂਦਿਆਂ ED ਨੇ ਵੀ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਨਾਲ ਜੁੜੇ ਪੱਖਾਂ ਦੀ ਜਾਂਚ ਸ਼ੁਰੂ ਕੀਤੀ ਹੋਈ ਹੈ।
