ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਚਤਰੂ ਖੇਤਰ ‘ਚ ਸ਼ਨੀਵਾਰ ਸਵੇਰੇ 2:30 ਵਜੇ ਦੇ ਕਰੀਬ ਬੱਦਲ ਫਟਣ ਦੀ ਘਟਨਾ ਵਾਪਰੀ। ਇਸ ਘਟਨਾ ਤੋਂ ਬਾਅਦ, ਅਚਾਨਕ ਹੜ੍ਹ ਕਈ ਵਾਹਨਾਂ ਨੂੰ ਵਹਾ ਕੇ ਲੈ ਗਏ ਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਵੀ ਰਿਪੋਰਟ ਕੀਤੀ ਗਈ ਹੈ। ਹਾਲਾਂਕਿ, ਨੁਕਸਾਨ ਦੀ ਸਹੀ ਹੱਦ ਦਾ ਫਿਲਹਾਲ ਮੁਲਾਂਕਣ ਕੀਤਾ ਜਾ ਰਿਹਾ ਹੈ। ਰਾਹਤ ਦੀ ਖ਼ਬਰ ਇਹ ਹੈ ਕਿ ਹੁਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਰਿਪੋਰਟ ਨਹੀਂ ਹੈ। ਸਾਵਧਾਨੀ ਵਜੋਂ, ਘਟਨਾ ਤੋਂ ਬਾਅਦ ਚਤਰੂ-ਕਿਸ਼ਤਵਾੜ ਰਾਸ਼ਟਰੀ ਰਾਜਮਾਰਗ ਨੂੰ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਤੇ ਪ੍ਰਭਾਵਿਤ ਖੇਤਰ ਦਾ ਮੁਆਇਨਾ ਕੀਤਾ ਜਾ ਰਿਹਾ ਹੈ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਇਸ ਸੰਬੰਧੀ ਇੱਕ ਸੋਸ਼ਲ ਮੀਡੀਆ ਪੋਸਟ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਚਤਰੂ ਖੇਤਰ ‘ਚ ਬੱਦਲ ਫਟਣ ਦੀ ਖ਼ਬਰ ਮਿਲਣ ‘ਤੇ ਉਨ੍ਹਾਂ ਨੇ ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ (ਡੀਸੀ) ਪੰਕਜ ਕੁਮਾਰ ਸ਼ਰਮਾ ਨਾਲ ਗੱਲ ਕੀਤੀ। ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਕੁਝ ਵਪਾਰਕ ਦੁਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ ਤੇ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।
