ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਮਾਣਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਵਫ਼ਦ ਨੇ ਸੂਬੇ ਵਿੱਚ ਲਗਾਤਾਰ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਗੰਭੀਰ ਸਥਿਤੀ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ‘ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਇੱਕ ਮੰਗ ਪੱਤਰ ਸੌਂਪਿਆ।
ਮੁਲਾਕਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਮੁੱਖ ਮੰਤਰੀ ਦੀ ਪਤਨੀ ਅਤੇ ਸਾਂਢੂ ਵੱਲੋਂ ਬਲਾਤਕਾਰੀਆਂ ਨਾਲ ਧੀਆਂ ਦੀ ਇੱਜ਼ਤ ਦੇ ਸੌਦੇ ਕੀਤੇ ਜਾ ਰਹੇ ਹਨ ਅਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੈਣ-ਦੇਣ ਦੇ ਗੰਭੀਰ ਮਾਮਲੇ ਸਾਹਮਣੇ ਆਏ ਹਨ। ਅਕਾਲੀ ਦਲ ਨੇ ਰਾਜਪਾਲ ਅੱਗੇ ਮੰਗ ਰੱਖੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਸੀ.ਬੀ.ਆਈ. (CBI) ਜਾਂਚ ਕਰਵਾਈ ਜਾਵੇ ਅਤੇ ਨੈਤਿਕਤਾ ਦੇ ਆਧਾਰ ‘ਤੇ ਮੁੱਖ ਮੰਤਰੀ ਨੂੰ ਤੁਰੰਤ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਜਾਵੇ।
