ਲੁਧਿਆਣਾ, ਪੰਜਾਬ ਦੇ ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਲਾਡਾ ਵੱਲੋਂ ਲੁਧਿਆਣਾ ਜ਼ਿਲ੍ਹੇ ਵਿੱਚ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਗਲਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਵਿਕਾਸ ਹੀਰਾ, ਪੀ.ਸੀ.ਐਸ. ਨੇ ਗੈਰ-ਕਾਨੂੰਨੀ ਕਲੋਨੀਆਂ ਖ਼ਿਲਾਫ਼ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਤਹਿਤ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ।
ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ ਵੱਲੋਂ ਅਣਅਧਿਕਾਰਤ ਕਲੋਨੀਆਂ ਵਿਰੁੱਧ ਜਾਰੀ ਢਾਹੁਣ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਬੁੱਧਵਾਰ ਨੂੰ ਡਿਊਟੀ ਮੈਜਿਸਟ੍ਰੇਟ, ਪੁਲਿਸ ਫੋਰਸ ਅਤੇ ਗਲਾਡਾ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ ਮਾਣਕਵਾਲ, ਮਹਿਮੂਦਪੁਰਾ ਅਤੇ ਖੇੜੀ ਪਿੰਡਾਂ ਵਿੱਚ ਚਾਰ ਅਣਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕੀਤੀ। ਇਸ ਦੌਰਾਨ ਇਨ੍ਹਾਂ ਕਲੋਨੀਆਂ ਦੀਆਂ ਸੜਕਾਂ ਸਮੇਤ ਗੈਰ-ਕਾਨੂੰਨੀ ਤੌਰ ’ਤੇ ਕੀਤੀਆਂ ਉਸਾਰੀਆਂ ਅਤੇ ਹੋਰ ਢਾਂਚਿਆਂ ਨੂੰ ਢਾਹ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਢਾਹੁਣ ਦੀਆਂ ਮੁਹਿੰਮਾਂ ਦੇ ਨਾਲ-ਨਾਲ ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਐਕਟ ਤਹਿਤ ਅਣਅਧਿਕਾਰਤ ਵਿਕਾਸ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਵੀ ਜਾਰੀ ਰਹੇਗੀ।
