ਜਲੰਧਰ, 12 ਅਕਤੂਬਰ:ਵਿਧਾਨ ਸਭਾ ਹਲਕਾ ਜਲੰਧਰ ਨੌਰਥ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਨਵੀਂ ਸਿਆਸੀ ਮਜ਼ਬੂਤੀ ਮਿਲੀ, ਜਦੋਂ ਭਾਜਪਾ ਆਗੂ ਵਿਸ਼ਾਲ ਰੇਰੂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਲੰਧਰ ਨਗਰ ਨਿਗਮ ਦੇ ਮੇਅਰ ਅਤੇ ਜਲੰਧਰ ਨੌਰਥ ਹਲਕਾ ਇੰਚਾਰਜ ਵਨੀਤ ਧੀਰ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ਵਾਰਡ ਨੰਬਰ 2 ਦੇ ਕੌਂਸਲਰ ਸਿਮਰਨਜੀਤ ਸਿੰਘ ਸਮੇਤ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ।
ਮੇਅਰ ਵਨੀਤ ਧੀਰ ਨੇ ਦੱਸਿਆ ਕਿ ਵਿਸ਼ਾਲ ਰੇਰੂ ਨੇ ਸਾਲ 2024 ਵਿੱਚ ਵਾਰਡ ਨੰਬਰ 2 ਤੋਂ ਕੌਂਸਲਰ ਦੀ ਚੋਣ ਲੜੀ ਸੀ। ਉਨ੍ਹਾਂ ਕਿਹਾ ਕਿ ਵਿਸ਼ਾਲ ਰੇਰੂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਦੇ ਨਾਲ ਅਮਰਜੋਤ ਸਿੰਘ, ਰਾਮ ਪ੍ਰੀਤ ਸਿੰਘ, ਬਲਬੀਰ ਵਿਰਕ, ਸੁਨੀਲ ਕੁਮਾਰ, ਰਾਹੁਲ ਚੋਪੜਾ ਅਤੇ ਵਿਸ਼ਾਲ ਕਸ਼ਯਪ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।
ਵਨੀਤ ਧੀਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਵਿਸ਼ਾਲ ਰੇਰੂ ਅਤੇ ਉਨ੍ਹਾਂ ਦੇ ਸਾਥੀਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜਲੰਧਰ ਨੌਰਥ ਵਿੱਚ ਲੋਕਾਂ ਨਾਲ ਸੰਪਰਕ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਪਾਰਟੀ ਆਗੂਆਂ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਮਿਲ ਕੇ ਇਲਾਕੇ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨਗੇ।
