ਕੇਂਦਰ ਕੈਂਸਰ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਮਹਿੰਗੀਆਂ ਦਵਾਈਆਂ ਜਲਦ ਸਸਤੀਆਂ ਹੋ ਸਕਦੀਆਂ ਹਨ। ਸਰਕਾਰ ਇਨ੍ਹਾਂ ਦਵਾਈਆਂ ‘ਤੇ ਟ੍ਰੇਡ ਮਾਰਜਿਨ ਵੱਧ ਤੋਂ ਵੱਧ 30 ਫੀਸਦੀ ਤੱਕ ਸੀਮਤ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਦੱਸਿਆ ਹੈ ਕਿ ਇਸ ਕਦਮ ਨਾਲ ਕੈਂਸਰ ਦੀਆਂ ਦਵਾਈਆਂ ਦੀ ਵੱਧ ਤੋਂ ਵੱਧ ਪ੍ਰਚੂਨ ਕੀਮਤ (MRP) ਵਿੱਚ 20 ਤੋਂ 70 ਫੀਸਦੀ ਤੱਕ ਦੀ ਕਮੀ ਆ ਸਕਦੀ ਹੈ। ਇਸ ਦਾ ਮਕਸਦ ਦਵਾਈਆਂ ਦੀਆਂ ਕੀਮਤਾਂ ਨੂੰ ਕੰਟਰੋਲ ਕਰਨਾ, ਮਰੀਜ਼ਾਂ ਦੀ ਜੇਬ ‘ਤੇ ਪੈਣ ਵਾਲਾ ਬੋਝ ਘਟਾਉਣਾ ਅਤੇ ਇਲਾਜ ਨੂੰ ਕਿਫਾਇਤੀ ਬਣਾਉਣਾ ਹੈ।
ਰਸਾਇਣ ਅਤੇ ਖਾਦ ਮੰਤਰਾਲੇ ਦੇ ਫਾਰਮਾਸਿਊਟੀਕਲ ਵਿਭਾਗ ਵੱਲੋਂ ਦਾਇਰ ਹਲਫ਼ਨਾਮੇ ਮੁਤਾਬਕ, ਰਾਸ਼ਟਰੀ ਔਸ਼ਧੀ ਮੁੱਲ ਨਿਰਧਾਰਨ ਅਥਾਰਟੀ (NPPA) ਦੀ 8 ਅਕਤੂਬਰ 2026 ਨੂੰ ਹੋਈ ਮੀਟਿੰਗ ਵਿੱਚ ਇਸ ਪ੍ਰਸਤਾਵ ‘ਤੇ ਫ਼ੈਸਲਾ ਲਿਆ ਗਿਆ। ਇਸ ਤੋਂ ਬਾਅਦ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ 9 ਅਕਤੂਬਰ ਨੂੰ ਸਿਹਤ ਸੇਵਾਵਾਂ ਦੇ ਡਾਇਰੈਕਟਰ ਜਨਰਲ ਦੀ ਪ੍ਰਧਾਨਗੀ ਹੇਠ ਇੱਕ ਮਾਹਰ ਕਮੇਟੀ ਦਾ ਗਠਨ ਕੀਤਾ।
