ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰੀ ਸਕੂਲਾਂ ‘ਚ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ, ਹੁਨਰ ਤੇ ਰਚਨਾਤਮਕਤਾ ਪੰਜਾਬ ਦੀ ਸਭ ਤੋਂ ਵੱਡੀ ਪੂੰਜੀ ਹਨ ਤੇ ਸੂਬੇ ਦਾ ਭਵਿੱਖ ਨੌਜਵਾਨਾਂ ਨੂੰ ਜੀਵਨ ਦੇ ਹਰ ਖੇਤਰ ‘ਚ ਮਿਲਣ ਵਾਲੇ ਮੌਕਿਆਂ ‘ਤੇ ਨਿਰਭਰ ਕਰਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਧੂਰੀ ਹਲਕੇ ਦੇ ਪਿੰਡ ਬਰੜਵਾਲ ਸਥਿਤ ਦੇਸ਼ ਭਗਤ ਕਾਲਜ ‘ਚ ਕਰਵਾਏ ਗਏ ਖੇਤਰੀ ਯੁਵਾ ਮੇਲੇ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਪੜ੍ਹਾਈ ਤੇ ਮਿਹਨਤ ‘ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਕਰੀਅਰ ਦੇ ਨਵੇਂ ਰਾਹ ਖੋਲ੍ਹਣ ਲਈ ਵਚਨਬੱਧ ਹੈ।
