ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਸੁੰਨੜਵਾਲ ਦੀ ਜੈਸਮੀਨ ਕੌਰ ਨੂੰ ਇਟਲੀ ਦੇ ਰਾਸ਼ਟਰਪਤੀ ਸਰਜੀਓ ਮੱਤਾਰੇਲਾ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਮੈਡੀਕਲ ਦੀ ਪੜ੍ਹਾਈ ਅਤੇ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਇਹ ਸਨਮਾਨ ਮਿਲਿਆ ਹੈ। ਜੈਸਮੀਨ ਨੇ ਆਪਣੀਆਂ ਪ੍ਰਾਪਤੀਆਂ ਨਾਲ ਆਪਣੇ ਪਰਿਵਾਰ ਅਤੇ ਪੰਜਾਬ ਦਾ ਮਾਣ ਵਧਾਇਆ ਹੈ।
ਜੈਸਮੀਨ ਕੌਰ ਪਿਛਲੇ 13 ਸਾਲਾਂ ਤੋਂ ਲਗਾਤਾਰ ਪੜ੍ਹਾਈ ਵਿੱਚ ਟਾਪ ਕਰਦੀ ਆ ਰਹੀ ਹੈ। ਉਨ੍ਹਾਂ ਨੇ ਸਿੱਖਿਆ ਦੇ ਨਾਲ-ਨਾਲ ਵੱਖ-ਵੱਖ ਮੁਕਾਬਲਿਆਂ ਅਤੇ ਖੇਡ ਗਤੀਵਿਧੀਆਂ ਵਿੱਚ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। ਉਹ ਯੂਰਪੀ ਸੰਸਦ ਦੀ ਮੈਂਬਰ ਵੀ ਰਹਿ ਚੁੱਕੀ ਹੈ। ਇਟਲੀ ਦੇ ਸਕੂਲਾਂ ਵਿੱਚ ਕਰਵਾਏ ਗਏ ਖੇਡ ਮੁਕਾਬਲਿਆਂ ਵਿੱਚ ਵੀ ਉਨ੍ਹਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ।
ਵਿਦੇਸ਼ ਵਿੱਚ ਰਹਿ ਕੇ ਪੜ੍ਹਾਈ ਕਰਨਾ ਉਨ੍ਹਾਂ ਲਈ ਆਸਾਨ ਨਹੀਂ ਸੀ। ਮੁਸ਼ਕਲ ਹਾਲਾਤਾਂ ਵਿੱਚ ਵੀ ਉਨ੍ਹਾਂ ਨੇ ਹਿੰਮਤ ਨਹੀਂ ਹਾਰੀ। ਪਰਿਵਾਰ ਦੇ ਸਹਿਯੋਗ ਨਾਲ ਉਹ ਲਗਾਤਾਰ ਸਫ਼ਲਤਾ ਦੀਆਂ ਪੌੜੀਆਂ ਚੜ੍ਹਦੀ ਰਹੀ। ਉਨ੍ਹਾਂ ਦੇ ਪਿਤਾ ਦਾ ਨਾਮ ਜਸਵੰਤ ਸਿੰਘ ਅਤੇ ਮਾਤਾ ਦਾ ਨਾਮ ਮਨਜੀਤ ਕੌਰ ਹੈ।
ਜੈਸਮੀਨ ਕੌਰ ਨੇ ਆਪਣੀ ਸਫ਼ਲਤਾ ਦਾ ਸਿਹਰਾ ਮਿਹਨਤ, ਲਗਨ ਅਤੇ ਪਰਿਵਾਰ ਦੇ ਸਹਿਯੋਗ ਨੂੰ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਦੇ ਪੇਂਡੂ ਇਲਾਕਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਧੀਆਂ ਨੂੰ ਉੱਚ ਸਿੱਖਿਆ ਦਿਵਾਉਣ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਦੇਣ।
ਜੈਸਮੀਨ ਨੇ ਕਿਹਾ ਕਿ ਸਹੀ ਮਾਰਗਦਰਸ਼ਨ ਮਿਲਣ ‘ਤੇ ਧੀਆਂ ਵੀ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਸਕਦੀਆਂ ਹਨ। ਉਨ੍ਹਾਂ ਦੀ ਵੱਡੀ ਭੈਣ ਨੂੰ ਵੀ ਕੁਝ ਸਾਲ ਪਹਿਲਾਂ ਇਟਲੀ ਦੇ ਰਾਸ਼ਟਰਪਤੀ ਵੱਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।
