ਜਲੰਧਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਗ ਲੈ ਰਹੀਆਂ ਟੀਮਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸੂਬੇ ਦੀ ਮਹਿਮਾਨਨਿਵਾਜ਼ੀ, ਅਮੀਰ ਸੱਭਿਆਚਾਰਕ ਵਿਰਾਸਤ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਦਾ ਅਨੁਭਵ ਕਰਨ ਦਾ ਸੱਦਾ ਦਿੱਤਾ।
ਇੱਥੇ ਮੁੱਖ ਮੰਤਰੀ ਨਿਵਾਸ ਵਿਖੇ ਟੀਮਾਂ ਦੇ ਸਨਮਾਨ ਵਿੱਚ ਰਾਤ ਦੇ ਭੋਜਨ ਦੀ ਮੇਜ਼ਬਾਨੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹੀ ਧਰਤੀ ਹੈ ਜਿੱਥੇ ਹਰ ਮਹਿਮਾਨ ਦਾ ਸਵਾਗਤ ਖੁੱਲ੍ਹੇ ਦਿਲ ਨਾਲ ਕੀਤਾ ਜਾਂਦਾ ਹੈ ਅਤੇ ਪਰਿਵਾਰ ਵਾਂਗ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਅੰਤਰਰਾਸ਼ਟਰੀ ਖੇਡ ਸਮਾਗਮ ਨੂੰ ਹਰੇਕ ਖਿਡਾਰੀ ਅਤੇ ਅਧਿਕਾਰੀ ਲਈ ਇੱਕ ਯਾਦਗਾਰੀ ਅਨੁਭਵ ਬਣਾਉਣ ਲਈ ਵਚਨਬੱਧ ਹੈ।
ਭਾਗ ਲੈ ਰਹੀਆਂ ਟੀਮਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਿਰਫ਼ ਇੱਕ ਭੂਗੋਲਿਕ ਖੇਤਰ ਨਹੀਂ ਹੈ; ਇਹ ਕੁਰਬਾਨੀ, ਸਾਹਸ, ਮਿਹਨਤ, ਇਨਕਲਾਬੀ ਜਜ਼ਬੇ ਅਤੇ ਇਨਸਾਨੀਅਤ ਦੀ ਪ੍ਰਤੀਕ ਧਰਤੀ ਹੈ। ਜਦੋਂ ਵੀ ਦੇਸ਼ ਨੂੰ ਸਾਹਸ, ਵਚਨਬੱਧਤਾ ਅਤੇ ਨਿਸ਼ਕਾਮ ਸੇਵਾ ਦੀ ਲੋੜ ਪਈ ਹੈ, ਪੰਜਾਬ ਦੇ ਲੋਕਾਂ ਨੇ ਹਮੇਸ਼ਾ ਅੱਗੇ ਹੋ ਕੇ ਯੋਗਦਾਨ ਪਾਇਆ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ, ਪੀਰਾਂ-ਫ਼ਕੀਰਾਂ, ਸ਼ਾਇਰਾਂ ਅਤੇ ਰਹਿਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਦੀਆਂ ਸਿੱਖਿਆਵਾਂ ਨੇ ਪੀੜ੍ਹੀਆਂ ਨੂੰ ਬਰਾਬਰੀ, ਦਇਆ, ਭਾਈਚਾਰਕ ਸਾਂਝ ਅਤੇ ਇਨਸਾਫ਼ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬ ਦੀ ਵਿਲੱਖਣ ਪਛਾਣ ਇਸ ਦੇ ਸ਼ਹੀਦਾਂ ਦੇ ਖ਼ੂਨ, ਕਿਸਾਨਾਂ ਦੇ ਮੁੜ੍ਹਕੇ, ਸਿਪਾਹੀਆਂ ਦੇ ਹੌਸਲੇ ਅਤੇ ਲੋਕਾਂ ਦੇ ਪਿਆਰ ਨਾਲ ਲਿਖੀ ਗਈ ਹੈ। ਸਾਡੇ ਦਰਵਾਜ਼ੇ ਅਤੇ ਦਿਲ ਮਹਿਮਾਨਾਂ ਲਈ ਹਮੇਸ਼ਾ ਖੁੱਲ੍ਹੇ ਹਨ ਅਤੇ ਇਸ ਇਤਿਹਾਸਕ ਧਰਤੀ ‘ਤੇ ਭਾਗ ਲੈਣ ਵਾਲੀਆਂ ਟੀਮਾਂ ਦਾ ਸਵਾਗਤ ਕਰਨਾ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ।”
ਭਾਰਤ ਦੀ ਤਰੱਕੀ ਵਿੱਚ ਪੰਜਾਬ ਦੇ ਯੋਗਦਾਨ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਆਜ਼ਾਦੀ ਸੰਗਰਾਮ ਅਤੇ ਹਰੀ ਕ੍ਰਾਂਤੀ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਕੁਰਬਾਨੀਆਂ ਦਿੱਤੀਆਂ, ਜਦੋਂ ਕਿ ਇਸ ਦੇ ਮਿਹਨਤੀ ਕਿਸਾਨਾਂ ਨੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਮਦਦ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦਾ ਅਮੀਰ ਵਿਰਸਾ, ਸ਼ਾਨਦਾਰ ਪਰੰਪਰਾਵਾਂ, ਰੰਗ-ਬਿਰੰਗੇ ਤਿਉਹਾਰ, ਸੁਰੀਲਾ ਸੰਗੀਤ, ਜੋਸ਼ੀਲੇ ਲੋਕ ਨਾਚ ਅਤੇ ਕੁਦਰਤੀ ਸੁੰਦਰਤਾ ਇਸ ਨੂੰ ਦੁਨੀਆ ਭਰ ਦੇ ਸੈਲਾਨੀਆਂ ਲਈ ਖ਼ਾਸ ਸਥਾਨ ਬਣਾਉਂਦੇ ਹਨ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਦੌਰਾ ਕਰਨ ਆਏ ਖਿਡਾਰੀ ਪੰਜਾਬ, ਇਸ ਦੇ ਲੋਕਾਂ ਅਤੇ ਉਨ੍ਹਾਂ ਦੇ ਪਿਆਰ ਦੀਆਂ ਅਮਿੱਟ ਯਾਦਾਂ ਲੈ ਕੇ ਆਪਣੇ ਘਰਾਂ ਨੂੰ ਪਰਤਣਗੇ।
ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਖੇਡਾਂ ਵਿੱਚ ਮਾਣਮੱਤਾ ਇਤਿਹਾਸ ਰਿਹਾ ਹੈ ਅਤੇ ਸੂਬਾ ਸਰਕਾਰ ਖਿਡਾਰੀਆਂ ਨੂੰ ਅੱਗੇ ਵਧਣ ਲਈ ਬਿਹਤਰ ਮੌਕੇ, ਬੁਨਿਆਦੀ ਢਾਂਚਾ ਅਤੇ ਮੰਚ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ ਹੈ।
ਉਨ੍ਹਾਂ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫੀ ਸਿਰਫ਼ ਇੱਕ ਖੇਡ ਮੁਕਾਬਲਾ ਨਹੀਂ ਹੈ, ਸਗੋਂ ਪੰਜਾਬ ਦੀ ਸੱਭਿਆਚਾਰਕ ਅਮੀਰੀ, ਖੇਡ ਇੱਛਾਵਾਂ ਅਤੇ ਮਹਿਮਾਨਨਿਵਾਜ਼ੀ ਦੇ ਜਜ਼ਬੇ ਨੂੰ ਦੁਨੀਆ ਸਾਹਮਣੇ ਪੇਸ਼ ਕਰਨ ਦਾ ਇੱਕ ਸੁਨਹਿਰੀ ਮੌਕਾ ਹੈ।
ਮੁੱਖ ਮੰਤਰੀ ਨੇ ਸਾਰੀਆਂ ਟੀਮਾਂ ਨੂੰ ਚੈਂਪੀਅਨਸ਼ਿਪ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਪੰਜਾਬ ਵਿੱਚ ਉਨ੍ਹਾਂ ਦਾ ਠਹਿਰਾਅ ਯਾਦਗਾਰੀ ਅਨੁਭਵਾਂ, ਖੇਡ ਉੱਤਮਤਾ ਅਤੇ ਸਦੀਵੀ ਦੋਸਤੀ ਨਾਲ ਭਰਪੂਰ ਹੋਵੇਗਾ।
