ਜਲੰਧਰ, 3 ਨਵੰਬਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਨਸ਼ੇ ’ਤੇ ਨਿਰਭਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਡਰੱਗ ਹਾਟਸਪਾਟ ਖੇਤਰਾਂ ਵਿੱਚ ਨਸ਼ਾ ਪ੍ਰਭਾਵਿਤ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਰਜਿਸਟ੍ਰੇਸ਼ਨ-ਕਮ-ਕਰੀਅਰ ਕਾਊਂਸਲਿੰਗ ਕੈਂਪ ਲਗਾਏ ਜਾ ਰਹੇ ਹਨ।
ਡਿਪਟੀ ਡਾਇਰੈਕਟਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ, ਰੁਚੀ ਅਤੇ ਸਮਰੱਥਾ ਅਨੁਸਾਰ ਰੋਜ਼ਗਾਰ ਦੇ ਢੁੱਕਵੇਂ ਮੌਕਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਕਿੱਤਾ ਮੁਖੀ ਅਤੇ ਹੁਨਰ ਵਿਕਾਸ ਕੋਰਸਾਂ ਅਤੇ ਸਵੈ ਰੋਜ਼ਗਾਰ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਦੇ ਕਾਬਿਲ ਬਣਾਉਣਾ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਸਹਾਈ ਸਾਬਤ ਹੋ ਸਕਦਾ ਹੈ।
