ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਨੂੰ ਅਲਵਿਦਾ ਆਖਣ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਆਪਣੇ ਸਪੁੱਤਰ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਅੱਜ ਸ਼ਾਮ ਪਟਿਆਲਾ ਸਥਿਤ ਚੰਦੂਮਾਜਰਾ ਪਰਿਵਾਰ ਦੇ ਗ੍ਰਹਿ ਵਿਖੇ ਪਹੁੰਚ ਕੇ ਦੋਵਾਂ ਆਗੂਆਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ।
ਪ੍ਰੋ. ਚੰਦੂਮਾਜਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਮ 4 ਵਜੇ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੀ ਰਿਹਾਇਸ਼ ‘ਤੇ ਆ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੌਜੂਦਾ ਹਾਲਾਤ, ਲੋਕਾਂ ਦੀ ਨਬਜ਼ ਅਤੇ ਪੰਜਾਬ ਦੀ ਸਿਆਸੀ ਸਥਿਤੀ ਦੀ ਮੰਗ ਹੈ ਕਿ ਸਮੁੱਚਾ ਅਕਾਲੀ ਦਲ ਇਕਜੁੱਟ ਹੋਵੇ। ਉਨ੍ਹਾਂ ਕਿਹਾ ਕਿ 2 ਦਸੰਬਰ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮਨਾਮਾ ਵੀ ਅਕਾਲੀ ਦਲ ਨੂੰ ਤੋੜਨ ਵਾਲਾ ਨਹੀਂ, ਸਗੋਂ ਜੋੜਨ ਵਾਲਾ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਐੱਨਡੀਏ ਸਰਕਾਰ ਬਾਰੇ ਦਿੱਤੇ ਬਿਆਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਆਖਿਆ ਸੀ ਕਿ ਪੰਜਾਬ ਨੂੰ ਬਚਾਉਣ ਲਈ ਸਭ ਨੂੰ ਇਕੱਠੇ ਹੋਣ ਦੀ ਲੋੜ ਹੈ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਬਿਆਨ ‘ਤੇ ਜਤਾਏ ਗਏ ਇਤਰਾਜ਼ ਅਤੇ ਉਨ੍ਹਾਂ ਦੇ ਅਗਲੇ ਕਦਮ ਬਾਰੇ ਪੁੱਛੇ ਸਵਾਲ ‘ਤੇ ਚੰਦੂਮਾਜਰਾ ਨੇ ਤਨਜ਼ ਕਸਦਿਆਂ ਕਿਹਾ ਕਿ ਹੁਣ ਗਿਆਨੀ ਜੀ ਕਥਾ ਕਰ ਸਕਦੇ ਹਨ।
ਵਿਧਾਨ ਸਭਾ ਚੋਣਾਂ ਬਾਰੇ ਆਪਣਾ ਰੁਖ਼ ਸਪੱਸ਼ਟ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਐਲਾਨ ਕੀਤਾ ਕਿ ਉਹ ਖ਼ੁਦ ਚੋਣ ਨਹੀਂ ਲੜਨਗੇ, ਸਗੋਂ ਉਨ੍ਹਾਂ ਦੇ ਸਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਹੀ ਸਨੌਰ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰਨਗੇ।
