ਜਲੰਧਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਨੇ 14 ਤੋਂ 22 ਨਵੰਬਰ, 2026 ਤੱਕ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ ਹੋ ਰਹੀ ਅਗਨੀਵੀਰ ਭਰਤੀ ਰੈਲੀ-2026 ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇੰਤਜ਼ਾਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਸਬੰਧਤ ਅਧਿਕਾਰੀਆਂ ਨਾਲ ਭਰਤੀ ਸਥਾਨ ਦਾ ਦੌਰਾ ਕਰਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਰੈਲੀ ਵਿੱਚ ਸ਼ਾਮਿਲ ਹੋਣ ਵਾਲੇ ਉਮੀਦਵਾਰਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਦੀ ਵਿਵਸਥਾ, ਮੈਡੀਕਲ ਸਹਾਇਤਾ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਏ ਜਾਣ, ਤਾਂ ਜੋ ਉਮੀਦਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਡਾਇਰੈਕਟਰ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਦੱਸਿਆ ਕਿ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਮੌਕੇ ਮੇਜਰ ਜਨਰਲ ਐਮ ਐਸ ਸੱਭਰਵਾਲ ਐਸ ਐਮ ਅਤੇ ਕਰਨਲ ਰਸ਼ਮੀ ਨਾਰਾਇਣ ਡਾਇਰੈਕਟਰ ਰਿਕਰੂਟਮੈਂਟ ਵੀ ਮੌਜੂਦ ਸਨ। ਮੇਜਰ ਜਨਰਲ ਐਮ ਐਸ ਸੱਭਰਵਾਲ ਐਸ ਐਮ ਨੇ ਭਰਤੀ ਅਫ਼ਸਰਾਂ ਦੀ ਟੀਮ ਤੋਂ ਭਰਤੀ ਰੈਲੀ ਦੇ ਇੰਤਜ਼ਾਮ, ਜਿਵੇਂ ਰਨਿੰਗ ਟਰੈਕ, ਡੋਪ ਟੈਸਟ, ਸੀ.ਸੀ.ਟੀ.ਵੀ. ਕੈਮਰੇ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
