ਜਲੰਧਰ, ਜਲੰਧਰ ਦੇ ਇੰਡਸਟਰੀਅਲ ਏਰੀਏ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਜਲੰਧਰ ਨਾਰਥ ਤੋਂ ਉਮੀਦਵਾਰ ਅਤੇ ਮੇਅਰ ਵਨੀਤ ਧੀਰ ਨੇ ਰਾਮ ਬਾਗ ਇੰਡਸਟਰੀਅਲਿਸਟ ਐਸੋਸੀਏਸ਼ਨ ਦੇ ਉਦਯੋਗਪਤੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਦਯੋਗਪਤੀਆਂ ਵੱਲੋਂ ਉਨ੍ਹਾਂ ਦਾ ਪੂਰੇ ਸਤਿਕਾਰ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਉਦਯੋਗਪਤੀਆਂ ਨੇ ਉਦਯੋਗਿਕ ਖੇਤਰ ਵਿੱਚ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਮੇਅਰ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਵਿੱਚ ਖ਼ਰਾਬ ਸੜਕਾਂ, ਸਟ੍ਰੀਟ ਲਾਈਟਾਂ ਦੀ ਘਾਟ ਅਤੇ ਸੀਵਰੇਜ ਪ੍ਰਬੰਧ ਨਾਲ ਸਬੰਧਤ ਸਮੱਸਿਆਵਾਂ ਪ੍ਰਮੁੱਖ ਸਨ। ਮੇਅਰ ਨੇ ਕਈ ਮਸਲਿਆਂ ਦਾ ਮੌਕੇ ‘ਤੇ ਹੀ ਹੱਲ ਕਰਵਾਇਆ ਅਤੇ ਬਾਕੀ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ‘ਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।
ਮੇਅਰ ਵਨੀਤ ਧੀਰ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਉਦਯੋਗਿਕ ਖੇਤਰ ਵਿੱਚ ਬੰਦ ਪਈਆਂ ਜਾਂ ਉਪਲਬਧ ਨਾ ਹੋਣ ਵਾਲੀਆਂ ਸਟ੍ਰੀਟ ਲਾਈਟਾਂ ਦੀ ਸਮੱਸਿਆ ਦਾ ਹੱਲ ਕਰਦਿਆਂ ਅਗਲੇ ਹਫ਼ਤੇ ਤੱਕ ਲਾਈਟਾਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸੜਕਾਂ ਦੀ ਖ਼ਸਤਾ ਹਾਲਤ ਨੂੰ ਸੁਧਾਰਨ ਲਈ ਸਬੰਧਤ ਅਧਿਕਾਰੀਆਂ ਨੂੰ ਐਸਟੀਮੇਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ, ਤਾਂ ਜੋ ਲੋੜੀਂਦੇ ਵਿਕਾਸ ਕਾਰਜ ਜਲਦ ਸ਼ੁਰੂ ਕਰਵਾਏ ਜਾ ਸਕਣ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੇ ਮੌਜੂਦਾ ਵਿਧਾਇਕ ਅਤੇ ਪਿਛਲੀਆਂ ਸਰਕਾਰਾਂ ਨੇ ਨਾਰਥ ਹਲਕੇ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਸੀਵਰੇਜ ਦੀ ਸਮੱਸਿਆ ਕਾਫ਼ੀ ਪੁਰਾਣੀ ਹੈ, ਜਿਸ ਨੂੰ ਜਲਦ ਹੱਲ ਕੀਤਾ ਜਾਵੇਗਾ। ਸੀਵਰੇਜ ਪ੍ਰਬੰਧ ਨੂੰ ਬਿਹਤਰ ਬਣਾਉਣ ਲਈ ਸੁਪਰ ਸਕਸ਼ਨ ਮਸ਼ੀਨਾਂ ਰਾਹੀਂ ਸਫ਼ਾਈ ਕਰਵਾਈ ਜਾਵੇਗੀ।
ਮੇਅਰ ਨੇ ਕਿਹਾ ਕਿ ਜਲੰਧਰ ਦਾ ਉਦਯੋਗਿਕ ਖੇਤਰ ਸ਼ਹਿਰ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ। ਉਦਯੋਗਪਤੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਨਗਰ ਨਿਗਮ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਅਤੇ ਨਗਰ ਨਿਗਮ ਵਿਚਕਾਰ ਬਿਹਤਰ ਤਾਲਮੇਲ ਨਾਲ ਹੀ ਉਦਯੋਗਿਕ ਖੇਤਰਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕਦਾ ਹੈ। ਉਦਯੋਗਪਤੀਆਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ‘ਤੇ ਗੰਭੀਰਤਾ ਨਾਲ ਕੰਮ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ‘ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ਕੌਂਸਲਰ ਦੀਪਕ ਸ਼ਾਰਦਾ, ਕੌਂਸਲਰ ਵਿਜੇ ਭਾਟੀਆ ਅਤੇ ਸਾਬਕਾ ਕੌਂਸਲਰ ਜਗਦੀਸ਼ ਸਮਰਾਏ ਤੋਂ ਇਲਾਵਾ ਰਾਮ ਬਾਗ ਇੰਡਸਟਰੀਅਲਿਸਟ ਐਸੋਸੀਏਸ਼ਨ ਦੇ ਉਦਯੋਗਪਤੀ ਵਿਨੈ ਜੋਸ਼ੀ, ਸ਼੍ਰੀਪਾਲ ਜੈਨ, ਸੁਭਾਸ਼ ਗਾਂਧੀ, ਸੁਖਪਾਲ ਸਿੰਘ, ਸ਼੍ਰੀ ਰੱਤੀ, ਅਸ਼ੋਕ ਅਤੇ ਸੰਜੇ ਗੁਪਤਾ ਸਮੇਤ ਹੋਰ ਉਦਯੋਗਪਤੀ ਮੌਜੂਦ ਸਨ। ਉਦਯੋਗਪਤੀਆਂ ਨੇ ਮੇਅਰ ਦੇ ਸਾਹਮਣੇ ਆਪਣੀਆਂ ਸਮੱਸਿਆਵਾਂ ਰੱਖਣ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਮਿਲਣ ‘ਤੇ ਧੰਨਵਾਦ ਪ੍ਰਗਟ ਕੀਤਾ।
