ਜਲੰਧਰ, ਨਗਰ ਨਿਗਮ ਹਾਊਸ ਦੀ ਮੀਟਿੰਗ ਤੋਂ ਬਾਅਦ ਮਨਜੀਤ ਸਿੰਘ ਟੀਟੂ, ਚਰਨਜੀਤ ਕੌਰ ਸੰਧਾ, ਅਜੇ ਬੱਬਲ, ਰਵੀ ਕੁਮਾਰ ਅਤੇ ਕੰਵਰ ਸਰਤਾਜ ਸਿੰਘ ਨੇ ਨਗਰ ਨਿਗਮ ਦੇ ਕੰਮਕਾਜ ਅਤੇ ਕਰੋੜਾਂ ਰੁਪਏ ਦੇ ਟੈਂਡਰਾਂ ਸਬੰਧੀ ਗੰਭੀਰ ਸਵਾਲ ਉਠਾਏ। ਕੌਂਸਲਰਾਂ ਨੇ ਕਿਹਾ ਕਿ ਨਗਰ ਨਿਗਮ ਹਾਊਸ ਦੀਆਂ ਮੀਟਿੰਗਾਂ ਵਿੱਚ ਸ਼ਹਿਰ ਦੇ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਹੋਣੀ ਚਾਹੀਦੀ ਹੈ, ਪਰ ਕਈ ਵਾਰ ਹੰਗਾਮੇ ਕਾਰਨ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਨਹੀਂ ਮਿਲਦੇ ਅਤੇ ਅਹਿਮ ਮਤੇ ਜਲਦਬਾਜ਼ੀ ਵਿੱਚ ਪਾਸ ਕਰ ਦਿੱਤੇ ਜਾਂਦੇ ਹਨ।
ਮਨਜੀਤ ਸਿੰਘ ਟੀਟੂ, ਕੌਂਸਲਰ ਵਾਰਡ ਨੰਬਰ 50 ਅਤੇ ਭਾਜਪਾ ਦੇ ਵਿਰੋਧੀ ਧਿਰ ਦੇ ਆਗੂ (L.O.P.) ਨੇ ਕਿਹਾ ਕਿ ਨਗਰ ਨਿਗਮ ਹਾਊਸ ਵਿੱਚ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਸਬੰਧਤ ਹਰ ਮਤੇ ’ਤੇ ਪੂਰੀ ਜਾਣਕਾਰੀ ਮਿਲਣੀ ਚਾਹੀਦੀ ਹੈ। ਕਰੋੜਾਂ ਰੁਪਏ ਦੇ ਟੈਂਡਰਾਂ ਅਤੇ ਐਸਟੀਮੇਟਾਂ ਬਾਰੇ ਸਵਾਲ ਪੁੱਛਣ ’ਤੇ ਤਸੱਲੀਬਖ਼ਸ਼ ਜਵਾਬ ਨਹੀਂ ਮਿਲ ਰਹੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਕੰਮ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣ ਲਈ ਸਵਾਲ ਪੁੱਛਣਾ ਹੈ ਅਤੇ ਉਹ ਇਹ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ।
ਉਨ੍ਹਾਂ ਨਗਰ ਨਿਗਮ ਹਾਊਸ ਦੀ ਕਾਰਵਾਈ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਵਿਰੋਧੀ ਧਿਰ ਦੇ ਕੌਂਸਲਰਾਂ ਨੂੰ ਸਵਾਲ ਪੁੱਛਣ ਅਤੇ ਆਪਣੀ ਗੱਲ ਰੱਖਣ ਦਾ ਮੌਕਾ ਨਹੀਂ ਦਿੱਤਾ ਜਾਂਦਾ, ਉਸ ਤੋਂ ਲੱਗਦਾ ਹੈ ਕਿ ਇਹ ਨਗਰ ਨਿਗਮ ਹਾਊਸ ਨਹੀਂ, ਸਗੋਂ ਔਰੰਗਜ਼ੇਬ ਦਾ ਦਰਬਾਰ ਹੈ, ਜਿੱਥੇ ਸਵਾਲ ਪੁੱਛਣ ਦੀ ਵੀ ਆਜ਼ਾਦੀ ਨਹੀਂ ਹੈ।
ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਭਰਤੀ ਦੇ ਮੁੱਦੇ ’ਤੇ ਟੀਟੂ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਦੀ ਸਰਕਾਰ ਸੀ, ਉਸ ਸਮੇਂ 1196 ਮੁਲਾਜ਼ਮਾਂ ਦੀ ਭਰਤੀ ਕੀਤੀ ਗਈ ਸੀ, ਪਰ ਉਸ ਤੋਂ ਬਾਅਦ ਹੁਣ ਤੱਕ ਕੋਈ ਨਵੀਂ ਭਰਤੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਮੁਲਾਜ਼ਮਾਂ ਦੀ ਘਾਟ ਕਾਰਨ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਦੋਂ ਪੰਜਾਬ ਵਿੱਚ ਮੁੜ ਭਾਜਪਾ-ਅਕਾਲੀ ਦਲ ਦੀ ਸਰਕਾਰ ਬਣੇਗੀ ਤਾਂ ਨੌਜਵਾਨਾਂ ਲਈ ਪੱਕੀ ਭਰਤੀ ਕੀਤੀ ਜਾਵੇਗੀ, ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ ਅਤੇ ਸਰਕਾਰੀ ਵਿਭਾਗਾਂ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕੇ।
ਇਸ ਮੌਕੇ ਰਾਣੀ ਭਗਤ, ਜੋਤੀ ਲੋਚ, ਮੀਨੂ ਢੰਡ ਅਤੇ ਗੁਰਦੀਪ ਸਿੰਘ ਫੌਜ਼ੀ ਸਮੇਤ ਹੋਰ ਕੌਂਸਲਰ ਵੀ ਮੌਜੂਦ ਸਨ।
