ਜਲੰਧਰ, ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦਫ਼ਤਰ ਜਲੰਧਰ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ-ਭਾਜਪਾ ਗੱਠਜੋੜ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਗੱਠਜੋੜ ਪੂਰੀ ਤਰ੍ਹਾਂ ਸਿਆਸੀ ਮੌਕਾਪ੍ਰਸਤੀ ਅਤੇ ਮਜਬੂਰੀ ਦਾ ਸਮਝੌਤਾ ਹੈ। ਦੋਵਾਂ ਪਾਰਟੀਆਂ ਨੇ ਸਿਰਫ਼ ਸੀਟਾਂ ਦੀ ਵੰਡ ਨੂੰ ਧਿਆਨ ਵਿੱਚ ਰੱਖ ਕੇ ਹੱਥ ਮਿਲਾਇਆ ਹੈ, ਜਦਕਿ ਪੰਜਾਬ ਦੇ ਅਸਲ ਮੁੱਦਿਆਂ ਅਤੇ ਅਧਿਕਾਰਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਦੇ ਪੰਜਾਬ ਦੇ ਵੱਧ ਅਧਿਕਾਰਾਂ ਅਤੇ ਸੰਘੀ ਢਾਂਚੇ ਦੀ ਮਜ਼ਬੂਤੀ ਦੀ ਗੱਲ ਕਰਦਾ ਸੀ, ਪਰ ਅੱਜ ਉਸੇ ਭਾਜਪਾ ਨਾਲ ਗੱਠਜੋੜ ਕਰ ਰਿਹਾ ਹੈ, ਜੋ ਲਗਾਤਾਰ ਸੂਬਿਆਂ ਦੇ ਅਧਿਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ।
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਕਾਲੀ ਦਲ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਸ ਨੇ ਭਾਜਪਾ ਸਾਹਮਣੇ ਪੰਜਾਬ ਦੇ ਅਧਿਕਾਰਾਂ ਨਾਲ ਜੁੜੇ ਆਪਣੇ ਪੁਰਾਣੇ ਸਟੈਂਡ ਨੂੰ ਛੱਡ ਦਿੱਤਾ ਹੈ? ਕੀ ਹੁਣ ਉਸ ਨੂੰ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਵਾਉਣ, ਪੰਜਾਬ ਦੇ ਪਾਣੀਆਂ ਨਾਲ ਹੋਏ ਵਿਤਕਰੇ, ਬੰਦੀ ਸਿੱਖਾਂ ਦੀ ਰਿਹਾਈ, ਬੀਬੀਐਮਬੀ ‘ਤੇ ਪੰਜਾਬ ਦੇ ਅਧਿਕਾਰ ਅਤੇ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵੇ ਵਰਗੇ ਅਹਿਮ ਮੁੱਦੇ ਯਾਦ ਨਹੀਂ ਰਹੇ? ਉਨ੍ਹਾਂ ਕਿਹਾ ਕਿ ਚੰਡੀਗੜ੍ਹ, ਜੋ ਪੰਜਾਬ ਦੀ ਰਾਜਧਾਨੀ ਹੈ, ਉੱਥੇ ਅੱਜ ਵੀ ਹਰਿਆਣਾ ਦਾ ਪ੍ਰਭਾਵ ਅਤੇ ਕਬਜ਼ਾ ਲਗਾਤਾਰ ਵਧ ਰਿਹਾ ਹੈ। ਪੰਜਾਬ ਦੇ ਪਾਣੀਆਂ ਦੇ ਮਾਮਲੇ ਵਿੱਚ ਸੂਬੇ ਨਾਲ ਬੇਇਨਸਾਫ਼ੀ ਹੋਈ ਹੈ ਅਤੇ ਉਸ ਦੇ ਹੱਕ ਖੋਹੇ ਗਏ ਹਨ। ਇਨ੍ਹਾਂ ਸਾਰੇ ਗੰਭੀਰ ਮੁੱਦਿਆਂ ਨੂੰ ਪਾਸੇ ਰੱਖ ਕੇ ਅਕਾਲੀ ਦਲ ਨੇ ਭਾਜਪਾ ਨਾਲ ਸਿਰਫ਼ ਚੋਣਾਂ ਵਿੱਚ ਸੀਟਾਂ ਤੇ ਸੱਤਾ ਲਈ ਸਮਝੌਤਾ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਇੱਕ ਖੇਤਰੀ ਪਾਰਟੀ ਹੈ, ਜਿਸ ਦੀ ਸਿਆਸੀ ਵਿਚਾਰਧਾਰਾ ਸੂਬਿਆਂ ਨੂੰ ਵੱਧ ਅਧਿਕਾਰ ਦੇਣ ਅਤੇ ਮਜ਼ਬੂਤ ਸੰਘੀ ਢਾਂਚੇ ‘ਤੇ ਆਧਾਰਿਤ ਰਹੀ ਹੈ। ਪਰ ਭਾਜਪਾ ਦੀ ਰਾਜਨੀਤੀ ਲਗਾਤਾਰ ਸੱਤਾ ਦੇ ਕੇਂਦਰੀਕਰਨ ‘ਤੇ ਆਧਾਰਿਤ ਰਹੀ ਹੈ। ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਕੇ ਉਸ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਬਦਲਣਾ ਇਸ ਦੀ ਵੱਡੀ ਉਦਾਹਰਨ ਹੈ। ਇਸੇ ਤਰ੍ਹਾਂ ‘ਵਨ ਨੇਸ਼ਨ, ਵਨ ਇਲੈਕਸ਼ਨ’ ਦੀ ਧਾਰਨਾ ਵੀ ਸੱਤਾ ਦੇ ਕੇਂਦਰੀਕਰਨ ਵੱਲ ਇੱਕ ਕਦਮ ਹੈ। ਖਹਿਰਾ ਨੇ ਅਕਾਲੀ ਦਲ ਤੋਂ ਸਵਾਲ ਕੀਤਾ ਕਿ ਕੀ ਉਸ ਨੇ ਯੂਜੀਸੀ ਦੇ ਮੁੱਦੇ ਅਤੇ ਸੂਬਿਆਂ ਦੇ ਅਧਿਕਾਰਾਂ ਨਾਲ ਜੁੜੇ ਮਾਮਲਿਆਂ ‘ਤੇ ਵੀ ਭਾਜਪਾ ਸਾਹਮਣੇ ਆਪਣਾ ਸਟੈਂਡ ਛੱਡ ਦਿੱਤਾ ਹੈ? ਉਨ੍ਹਾਂ ਕਿਹਾ ਕਿ ਜਿਸ ਭਾਜਪਾ ਨੇ ਨਿਤੀਸ਼ ਕੁਮਾਰ ਦੀ ਪਾਰਟੀ, ਸ਼ਿਵ ਸੈਨਾ ਅਤੇ ਹੋਰ ਖੇਤਰੀ ਸਿਆਸੀ ਪਾਰਟੀਆਂ ਨੂੰ ਕਮਜ਼ੋਰ ਕਰਨ ਅਤੇ ਆਪਣੇ ਅਧੀਨ ਕਰਨ ਦਾ ਕੰਮ ਕੀਤਾ ਹੈ, ਉਹੀ ਭਾਜਪਾ ਭਵਿੱਖ ਵਿੱਚ ਅਕਾਲੀ ਦਲ ਨੂੰ ਵੀ ਨਿਗਲ ਜਾਵੇਗੀ।
ਖਹਿਰਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਉਸ ਬਿਆਨ ‘ਤੇ ਵੀ ਸਵਾਲ ਉਠਾਏ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਦਸੰਬਰ 2029 ਤੱਕ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ, ਬਸ਼ਰਤੇ ਭਾਜਪਾ ਨੂੰ ਪੰਜਾਬ ਦੀ ਸੱਤਾ ਮਿਲ ਜਾਵੇ। ਉਨ੍ਹਾਂ ਕਿਹਾ ਕਿ ਇਹ ਗ੍ਰਹਿ ਮੰਤਰੀ ਦੀ ਬੇਹੱਦ ਘਟੀਆ ਸਿਆਸਤ ਹੈ ਅਤੇ ਪੰਜਾਬ ਦੇ ਲੋਕਾਂ ਨਾਲ ਵੱਡਾ ਮਜ਼ਾਕ ਹੈ। ਜੇਕਰ ਕੇਂਦਰ ਸਰਕਾਰ ਕੋਲ ਨਸ਼ਾ ਖ਼ਤਮ ਕਰਨ ਦੀ ਨੀਤੀ ਅਤੇ ਇੱਛਾ ਸ਼ਕਤੀ ਹੈ ਤਾਂ ਉਸ ਨੂੰ ਹੁਣੇ ਕਾਰਵਾਈ ਕਰਨੀ ਚਾਹੀਦੀ ਹੈ। ਨਸ਼ਿਆਂ ਵਿਰੁੱਧ ਲੜਾਈ ਨੂੰ ਸੱਤਾ ਹਾਸਲ ਕਰਨ ਦੀ ਸ਼ਰਤ ਨਾਲ ਜੋੜਨਾ ਪੰਜਾਬ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਅਕਾਲੀ ਦਲ ਤੋਂ ਪੁੱਛਿਆ ਕਿ ਕੀ ਉਹ ਅਮਿਤ ਸ਼ਾਹ ਦੇ ਇਸ ਬਿਆਨ ਨਾਲ ਸਹਿਮਤ ਹੈ ਅਤੇ ਕੀ ਉਸ ਨੇ ਭਾਜਪਾ ਸਾਹਮਣੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ‘ਤੇ ਵੀ ਕੋਈ ਸਵਾਲ ਨਹੀਂ ਉਠਾਇਆ?
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੜ੍ਹਾਂ ਦੌਰਾਨ ਮੁਰਗੀਆਂ ਅਤੇ ਬੱਕਰੀਆਂ ਦੇ ਨੁਕਸਾਨ ‘ਤੇ ਮੁਆਵਜ਼ਾ ਦੇਣ ਦੀਆਂ ਗੱਲਾਂ ਕਰਦੇ ਰਹੇ, ਪਰ ਅਸਲ ਹੜ੍ਹ ਪੀੜਤ ਕਿਸਾਨਾਂ ਅਤੇ ਆਮ ਲੋਕਾਂ ਨੂੰ ਅੱਜ ਤੱਕ ਉਨ੍ਹਾਂ ਦਾ ਪੂਰਾ ਮੁਆਵਜ਼ਾ ਨਹੀਂ ਮਿਲਿਆ।
ਖਹਿਰਾ ਨੇ ਝੋਨੇ ਦੀ ਖਰੀਦ ਵਿੱਚ ਲਗਭਗ 5,000 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪੱਛਮੀ ਉੱਤਰ ਪ੍ਰਦੇਸ਼ ਤੋਂ ਲਗਭਗ 1,500 ਰੁਪਏ ਪ੍ਰਤੀ ਕੁਇੰਟਲ ਦੇ ਭਾਅ ‘ਤੇ ਝੋਨਾ ਖਰੀਦ ਕੇ ਉਸ ਨੂੰ ਪੰਜਾਬ ਦੇ ਖਰੀਦ ਕੋਟੇ ਵਿੱਚ ਸ਼ਾਮਲ ਕੀਤੇ ਜਾਣ ਦਾ ਮਾਮਲਾ ਬੇਹੱਦ ਗੰਭੀਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਪੂਰੇ ਮਾਮਲੇ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਲਗਭਗ 1,000 ਰੁਪਏ ਤੱਕ ਦਾ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਦੀ ਮਿਹਨਤ ਦੀ ਕਮਾਈ ਲੁੱਟੀ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਖਰੀਦ ਪੂਰੀ ਹੋਣ ਦਾ ਦਾਅਵਾ ਕਰ ਰਹੀ ਹੈ, ਜਦਕਿ ਦੂਜੇ ਪਾਸੇ ਮੰਡੀਆਂ ਵਿੱਚ ਲੱਖਾਂ ਬੋਰੀਆਂ ਪਈਆਂ ਹਨ। ਇਸ ਮਾਮਲੇ ਵਿੱਚ ਸ਼ੇਰ ਸਿੰਘ ਘੁਬਾਇਆ ਨੇ ਨੋਟਿਸ ਜਾਰੀ ਕਰਕੇ ਸਰਕਾਰ ਤੋਂ ਪੂਰਾ ਵੇਰਵਾ ਮੰਗਿਆ ਹੈ। ਇਸੇ ਤਰ੍ਹਾਂ ਕਿਸਾਨਾਂ ਨੂੰ ਫ਼ਸਲ ਦੀ ਖਰੀਦ ਵਿੱਚ ਪ੍ਰਤੀ ਕੁਇੰਟਲ 200 ਤੋਂ 300 ਰੁਪਏ ਤੱਕ ਦਾ ਵੱਖਰਾ ਨੁਕਸਾਨ ਝੱਲਣਾ ਪਿਆ ਹੈ। ਸਰਕਾਰ ਨੇ 180 ਲੱਖ ਮੀਟ੍ਰਿਕ ਟਨ ਖਰੀਦ ਦਾ ਟੀਚਾ ਪੂਰਾ ਹੋਣ ਦਾ ਦਾਅਵਾ ਕਰਕੇ 31 ਅਕਤੂਬਰ ਤੋਂ ਖਰੀਦ ਬੰਦ ਕਰ ਦਿੱਤੀ ਹੈ, ਜਦਕਿ ਮਲੋਟ ਮੰਡੀ ਵਿੱਚ ਲਗਭਗ ਪੰਜ ਲੱਖ ਬੋਰੀਆਂ ਝੋਨੇ ਦੀਆਂ ਪਈਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਕਿਸਾਨਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ। ਕਿਸਾਨਾਂ ਦੀ ਫ਼ਸਲ ‘ਤੇ ਜੋ ਕਟੌਤੀ ਕੀਤੀ ਗਈ ਹੈ, ਉਸ ਦੀ ਭਰਪਾਈ ਸਰਕਾਰ ਨੂੰ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦਾ ਪੂਰਾ ਭੁਗਤਾਨ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਸਰਕਾਰ ਨੇ ਦਲਾਲਾਂ ਅਤੇ ਮਾਫ਼ੀਆ ਨਾਲ ਮਿਲ ਕੇ ਪੰਜਾਬ ਦੀ ਖੇਤੀਬਾੜੀ ਵਿਵਸਥਾ ਦਾ ਸ਼ੋਸ਼ਣ ਹੋਣ ਦਿੱਤਾ ਹੈ।
ਖਹਿਰਾ ਨੇ ਪੰਜਾਬ ਦੇ ਸਿੱਖਾਂ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੇ ਸਿਆਸੀ ਮਨਸੂਬਿਆਂ ਨੂੰ ਗੰਭੀਰਤਾ ਨਾਲ ਸਮਝਣ। ਉਨ੍ਹਾਂ ਕਿਹਾ ਕਿ ਭਾਜਪਾ ਛੋਟੀਆਂ ਖੇਤਰੀ ਪਾਰਟੀਆਂ ਨੂੰ ਆਪਣੇ ਨਾਲ ਜੋੜ ਕੇ ਹੌਲੀ-ਹੌਲੀ ਕਮਜ਼ੋਰ ਕਰ ਦਿੰਦੀ ਹੈ। ਪੰਜਾਬ ਦੇ ਲੋਕ ਸਿਰਫ਼ ਚੋਣਾਂ ਵੇਲੇ ਕੀਤੇ ਜਾਣ ਵਾਲੇ ਵਾਅਦਿਆਂ ਅਤੇ ਗੱਠਜੋੜਾਂ ਨਾਲ ਗੁੰਮਰਾਹ ਨਾ ਹੋਣ। ਭਾਜਪਾ ਦੀ ਰਾਜਨੀਤੀ ਦਾ ਅਸਰ ਉਨ੍ਹਾਂ ਸੂਬਿਆਂ ਵਿੱਚ ਦੇਖਿਆ ਜਾ ਸਕਦਾ ਹੈ, ਜਿੱਥੇ ਘੱਟ ਗਿਣਤੀਆਂ ਅਤੇ ਕਮਜ਼ੋਰ ਵਰਗਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ। ਭਾਵੇਂ ਬੁਲਡੋਜ਼ਰ ਨੀਤੀ ਹੋਵੇ ਜਾਂ ਮੌਬ ਲਿੰਚਿੰਗ ਦੀਆਂ ਘਟਨਾਵਾਂ, ਪੰਜਾਬ ਨੂੰ ਅਜਿਹੀ ਵੰਡ ਪਾਊ ਰਾਜਨੀਤੀ ਤੋਂ ਸੁਚੇਤ ਰਹਿਣ ਦੀ ਲੋੜ ਹੈ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਜਿੰਦਰ ਬੇਰੀ, ਪੰਜਾਬ ਕਿਸਾਨ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਮਿੱਠਾ, ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਪਰਮਪ੍ਰੀਤ ਸਿੰਘ ਸਾਬੀ, ਮੋਗਾ ਦੇ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਗੋਗਾ, ਹੁਸ਼ਿਆਰਪੁਰ ਦੇ ਪ੍ਰਧਾਨ ਅਮਰਜੀਤ ਸਿੰਘ ਅਤੇ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਤੋਂ ਇਲਾਵਾ ਕਾਂਗਰਸੀ ਆਗੂ ਜਗਦੀਪ ਸਿੰਘ ਸੋਨੂੰ ਸੰਧਰ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।
