ਜਲੰਧਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਅੱਜ ਸੰਵਿਧਾਨ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਥੇ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਕਸੂਦਾਂ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਮਨਾਏ ਗਏ ਸੰਵਿਧਾਨ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੇ ਲੋਕਤੰਤਰ ਦੀ ਨੀਂਹ ਹੈ ਅਤੇ ਇਹ ਸਾਰੇ ਨਾਗਰਿਕਾਂ ਨੂੰ ਬਰਾਬਰੀ, ਨਿਆਂ, ਆਜ਼ਾਦੀ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਵਿਧਾਨ ਵਿੱਚ ਦਰਜ ਮੂਲ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਜਾਗਰੂਕ ਹੋਣ ਅਤੇ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਸੁਰਜੀਤ ਲਾਲ ਅਤੇ ਸਵੀਪ ਨੋਡਲ ਅਫ਼ਸਰ ਜਲੰਧਰ ਡਾ. ਅਸ਼ੋਕ ਸਹੋਤਾ ਨੇ ਸੰਵਿਧਾਨਕ ਜਾਗਰੂਕਤਾ, ਨਾਗਰਿਕ ਭਾਗੀਦਾਰੀ ਅਤੇ ਲੋਕਤੰਤਰੀ ਸਿਧਾਂਤਾਂ ਦੀ ਅਹਿਮੀਅਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਤੋਂ ਪਹਿਲਾਂ ਸੰਸਥਾ ਦੇ ਕੈਂਪਸ ਡਾਇਰੈਕਟਰ ਡਾ. ਅਨੁਰਾਗ ਸ਼ਰਮਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਵਿਦਿਆਰਥੀਆਂ ਨੂੰ ਰਾਸ਼ਟਰ ਪ੍ਰਤੀ ਆਪਣੇ ਅਧਿਕਾਰਾਂ, ਫਰਜ਼ਾਂ ਅਤੇ ਜ਼ਿੰਮੇਵਾਰੀਆਂ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ।
ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੀਤੇ ਦਿਨੀਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਲੇਖ-ਲੇਖਣ ਅਤੇ ਕੁਇੱਜ਼ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਡਾ. ਅਨੁਰਾਗ ਸ਼ਰਮਾ ਅਤੇ ਡਾ. ਬੀ.ਆਰ. ਅੰਬੇਡਕਰ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਡਾ. ਹੁਸਨ ਲਾਲ ਦਾ ਸਵੀਪ ਗਤੀਵਿਧੀਆਂ ਵਿੱਚ ਮਹੱਤਪੂਰਣ ਭੂਮਿਕਾ ਨਿਭਾਉਣ ਲਈ ਸਨਮਾਨ ਕੀਤਾ ਗਿਆ।
ਇਸ ਦੌਰਾਨ ਸੰਸਥਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਵੀ ਲਗਾਇਆ ਗਿਆ।
