ਜਲੰਧਰ, (ਸੰਜੇ ਸ਼ਰਮਾ)-ਡੇਂਗੂ ਦੇ ਖਾਤਮੇ ਦੇ ਮੱਦੇਨਜ਼ਰ ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ “ਹਰ ਸ਼ੁੱਕਰਵਾਰ – ਡੇਂਗੂ ਤੇ ਵਾਰ” ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸ਼ੁੱਕਰਵਾਰ ਨੂੰ ਸਿਵਲ ਸਰਜਨ ਡਾ. ਰਮਨ ਸ਼ਰਮਾ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ ਫੀਲਡ ਵਿੱਚ ਉਤਰੇ। ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਬੱਸ ਸਟੈਂਡ ਨੇੜੇ ਪੰਜਾਬ ਰੋਡਵੇਜ ਦੀ ਵਰਕਸ਼ਾਪ-2 ਵਿਖੇ ਜਾ ਕੇ ਸਟਾਫ਼ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਰਾਹੀਂ ਡੇਂਗੂ ਰੋਕਥਾਮ ਹਿੱਤ ਕੀਤੇ ਜਾ ਰਹੇ ਕੰਮਕਾਜ ਦਾ ਜਾਇਜਾ ਲਿਆ ਗਿਆ ਅਤੇ ਉਨ੍ਹਾਂ ਨੂੰ ਸੈਂਸੇਟਾਈਜ਼ ਕੀਤਾ ਗਿਆ। ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ “ਹਰ ਸ਼ੁੱਕਰਵਾਰ – ਡੇਂਗੂ ਤੇ ਵਾਰ” ਮੁਹਿੰਮ ਦਾ ਮੰਤਵ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਕੂਲਰਾਂ ਵਿੱਚਲਾ ਪਾਣੀ ਹਫਤੇ ਵਿੱਚ ਇਕ ਵਾਰ ਜਰੂਰ ਬਦਲਿਆ ਜਾਵੇ, ਗਮਲਿਆਂ, ਟੁੱਟੇ-ਭੱਜੇ ਬਰਤਨਾਂ, ਘਰਾਂ-ਦਫਤਰਾਂ ਦੀਆਂ ਛੱਤਾਂ ‘ਤੇ ਰੱਖੇ ਟਾਈਰਾਂ ਆਦਿ ਥਾਵਾਂ ਉੱਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਪੰਛੀਆਂ ਦੇ ਪਾਣੀ ਪੀਣ ਲਈ ਰੱਖੇ ਬਰਤਨਾਂ ਵਿਚਲਾ ਪਾਣੀ ਵੀ ਜਰੂਰ ਬਦਲਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ, ਡਾ. ਸ਼ੋਭਨਾ ਬਾਂਸਲ ਮੌਜੂਦ ਸਨ।ਸਿਵਲ ਸਰਜਨ ਵੱਲੋਂ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਗਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵੱਲੋਂ ਡੇਂਗੂ ਰੋਕਥਾਮ ਦੇ ਮੱਦੇਨਜਰ ਜਿੱਥੇ ਡੇਂਗੂ ਲਾਰਵਾ ਸ਼ਨਾਖਤ ਕਰਨ ਲਈ ਵੱਖ-ਵੱਖ ਖੇਤਰਾਂ ਦਾ ਸਰਵੇ ਕੀਤਾ ਜਾ ਰਿਹਾ ਉੱਥੇ ਨਾਲ ਹੀ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਦੌਰਾਨ 9 ਥਾਵਾਂ ‘ਤੇ ਡੇਂਗੂ ਲਾਰਵਾ ਪਾਇਆ ਗਿਆ ਜਿਸਨੂੰ ਨਿਰਧਾਰਤ ਤਰੀਕੇ ਨਾਲ ਟੀਮਾਂ ਵੱਲੋਂ ਨਸ਼ਟ ਕੀਤਾ ਗਿਆ। ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਅਧੀਨ ਜਿਲ੍ਹਾ ਪੱਧਰ ‘ਤੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਅਗਵਾਈ ਹੇਠ 14 ਟੀਮਾਂ ਵੱਲੋਂ ਨਕੋਦਰ, ਫਿਲੌਰ, ਪੀ.ਏ.ਪੀ., ਦਾਦਾ ਕਲੌਨੀ, ਆਦਮਪੁਰ, ਬੜ੍ਹਾ ਪਿੰਡ, ਜੰਡਿਆਲਾ, ਸ਼ਾਹਕੋਟ ਕਰਤਾਰਪੁਰ, ਜਮਸ਼ੇਰ ਖਾਸ, ਬਿਲਗਾ, ਮਹਿਤਪੁਰ, ਬਿਲਗਾ ਅਤੇ ਕਾਲਾ ਬਕਰਾ ਵਿਖੇ ਹਾਟਸਪਾਟ ਖੇਤਰਾਂ ਵਿੱਚ ਜਾ ਕੇ ਸਰਵੇ ਕੀਤਾ ਗਿਆ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ।
