ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ 20 ਨਵੰਬਰ ਨੂੰ ਜਨਰਲ ਇਜਲਾਸ ਹੋਣ ਜਾ ਰਿਹਾ ਹੈ। ਇਸ ਚੋਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਆਪਣੇ ਉਮੀਦਵਾਰਾਂ ਦੀ ਚੋਣ ਕਰਨ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਹਨ। ਇਸ ਸਬੰਧੀ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਮੂਹਿਕ ਤੌਰ ‘ਤੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਹਰੇਕ ਮੈਂਬਰ ਨਾਲ ਨਿੱਜੀ ਤੌਰ ‘ਤੇ ਵੀ ਗੱਲਬਾਤ ਕੀਤੀ ਅਤੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਬੰਧੀ ਉਨ੍ਹਾਂ ਦੇ ਸੁਝਾਅ ਲਏ।ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਨਰਲ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਵਿਚਾਰ ਜਾਣੇ ਗਏ ਹਨ। ਉਨ੍ਹਾਂ ਦੱਸਿਆ ਕਿ ਮੈਂਬਰਾਂ ਨੇ ਆਪਣੇ ਸੁਝਾਅ ਪੇਸ਼ ਕੀਤੇ ਹਨ ਅਤੇ ਅੱਜ ਜਨਰਲ ਇਜਲਾਸ ਦੌਰਾਨ ਅਕਾਲੀ ਦਲ ਨਾਲ ਸਬੰਧਤ ਮੈਂਬਰ ਸੰਸਥਾ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਗੇ। ਹਾਲਾਂਕਿ, ਜਦੋਂ ਉਨ੍ਹਾਂ ਨੂੰ ਪ੍ਰਧਾਨ ਦੇ ਉਮੀਦਵਾਰ ਦੇ ਨਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਬਾਰੇ ਕੋਈ ਖੁਲਾਸਾ ਨਹੀਂ ਕੀਤਾ।
