ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਛੇ ਸਾਲਾਂ ਬਾਅਦ ਮੁੜ ਇਕੱਠੇ ਹੋ ਗਏ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਭਾਜਪਾ ਮੁੱਖ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇਸ ਗੱਠਜੋੜ ਦਾ ਐਲਾਨ ਕੀਤਾ। ਇਸ ਪ੍ਰੈੱਸ ਕਾਨਫਰੰਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਮੌਜੂਦ ਸਨ। ਦੋਵੇਂ ਪਾਰਟੀਆਂ ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੀਆਂ। ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਵਿੱਚ ਹੋਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਮੁੱਖ ਮੰਤਰੀ ਦਾ ਚਿਹਰਾ ਅਕਾਲੀ ਦਲ ਤੋਂ ਹੋਵੇਗਾ। ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਦਾ ਖਾਤਮਾ ਕੀਤਾ ਜਾਵੇਗਾ ਅਤੇ 31 ਦਸੰਬਰ, 2029 ਤੱਕ ਸੂਬੇ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰ ਦਿੱਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਿੱਪਣੀ ਕੀਤੀ, “ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਜਨਤਾ ਦੇ ਭਰੋਸੇ ਨੂੰ ਧੋਖਾ ਦਿੱਤਾ ਹੈ; ਇਹ ਆਪਣੇ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਕਰਨ ਵਿੱਚ ਅਸਫਲ ਰਹੀ ਹੈ। ਪੰਜਾਬ ਦੇ ਲੋਕਾਂ ਨੇ ਪੱਕਾ ਫੈਸਲਾ ਕਰ ਲਿਆ ਹੈ ਕਿ ਉਹ ਹੁਣ ਅਜਿਹੀ ਸਰਕਾਰ—ਜਾਂ ਇਸ ਵਿੱਚ ਸ਼ਾਮਲ ਅਜਿਹੇ ਵਿਅਕਤੀਆਂ—ਨੂੰ ਬਰਦਾਸ਼ਤ ਨਹੀਂ ਕਰਨਗੇ, ਜਿਨ੍ਹਾਂ ਨੇ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ ਹੈ।
ਹੁਣ ਜਦੋਂ ਭਾਜਪਾ ਅਤੇ ਅਕਾਲੀ ਦਲ ਇਕੱਠੇ ਹੋ ਗਏ ਹਨ, ਤਾਂ ਮੈਨੂੰ ਪੂਰਾ ਯਕੀਨ ਹੈ ਕਿ ਪੰਜਾਬ ਦੇ ਲੋਕਾਂ ਦਾ ਇਹ ਸੰਕਲਪ ਹੋਰ ਮਜ਼ਬੂਤ ਹੋਵੇਗਾ, ਜੋ ਇੱਕ ਅਰਥਪੂਰਨ ਬਦਲਾਅ ਦਾ ਰਾਹ ਪੱਧਰਾ ਕਰੇਗਾ। ਮੈਨੂੰ ਪੂਰਾ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ, ਪੰਜਾਬ ਦੇ ਲੋਕ ਐਨ.ਡੀ.ਏ. (NDA) ਨੂੰ ਭਾਰੀ ਬਹੁਮਤ ਦੇਣਗੇ। ਅਸੀਂ ਆਉਣ ਵਾਲੀਆਂ ਚੋਣਾਂ ਵਿੱਚ ਨਿਸ਼ਚਿਤ ਤੌਰ ‘ਤੇ ਐਨ.ਡੀ.ਏ. ਦੀ ਸਰਕਾਰ ਬਣਾਵਾਂਗੇ ਅਤੇ ਪੰਜਾਬ ਵਿੱਚ ਖੁਸ਼ਹਾਲੀ ਵਾਪਸ ਲਿਆਵਾਂਗੇ. ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ ਅਤੇ ਐਨ.ਡੀ.ਏ. (NDA) ਦੀ ਇੱਕ ਖਾਸੀਅਤ ਇਹ ਹੈ ਕਿ ਜਿੱਥੇ ਵੀ ਸਾਡੀਆਂ ਸਰਕਾਰਾਂ ਸੱਤਾ ਵਿੱਚ ਹਨ, ਉੱਥੇ ਕਾਨੂੰਨ-ਵਿਵਸਥਾ ਮਜ਼ਬੂਤ ਰਹਿੰਦੀ ਹੈ। ਸਾਡੀ ਪਹਿਲ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣਾ ਅਤੇ ਕਾਨੂੰਨ-ਵਿਵਸਥਾ ਵਿੱਚ ਸੁਧਾਰ ਕਰਨਾ ਹੋਵੇਗੀ। ਅਸੀਂ ਪੰਜਾਬ ਵਿੱਚ ਗੈਂਗਸਟਰਵਾਦ ਨੂੰ ਖਤਮ ਕਰਾਂਗੇ। ਜ਼ਿਕਰਯੋਗ ਹੈ ਕਿ ਭਾਜਪਾ ਅਤੇ ਅਕਾਲੀ ਦਲ ਲੰਬੇ ਸਮੇਂ ਤੱਕ ਪੰਜਾਬ ਵਿੱਚ ਸਿਆਸੀ ਭਾਈਵਾਲ ਰਹੇ ਹਨ। ਭਾਜਪਾ ਅਤੇ ਅਕਾਲੀ ਦਲ ਵਿਚਾਲੇ ਸਿਆਸੀ ਸਾਂਝ ਸਾਲ 1996 ਵਿੱਚ ਸ਼ੁਰੂ ਹੋਈ ਸੀ।
ਦੋਵਾਂ ਪਾਰਟੀਆਂ ਨੇ ਮਿਲ ਕੇ 1997, 2007 ਅਤੇ 2012 ਵਿੱਚ ਪੰਜਾਬ ਵਿੱਚ ਸਰਕਾਰ ਬਣਾਈ ਸੀ। ਹਾਲਾਂਕਿ, ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਸਤੰਬਰ 2020 ਵਿੱਚ ਅਕਾਲੀ ਦਲ ਨੇ ਐਨਡੀਏ ਨਾਲੋਂ ਨਾਤਾ ਤੋੜ ਲਿਆ ਸੀ। ਇਸ ਤੋਂ ਬਾਅਦ ਦੋਵੇਂ ਪਾਰਟੀਆਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਵੱਖ-ਵੱਖ ਲੜੀਆਂ ਸਨ। ਪਰ ਦੋਵੇਂ ਹੀ ਪਾਰਟੀਆਂ ਕੋਈ ਖਾਸ ਕਮਾਲ ਨਹੀਂ ਕਰ ਸਕੀਆਂ ਸਨ।
