ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (DA) ਵਿੱਚ 8 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਵਿੱਤ ਵਿਭਾਗ ਵੱਲੋਂ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਵੇਂ ਫੈਸਲੇ ਤੋਂ ਬਾਅਦ ਮਹਿੰਗਾਈ ਭੱਤੇ ਦੀ ਦਰ 42 ਫੀਸਦੀ ਤੋਂ ਵਧ ਕੇ 50 ਫੀਸਦੀ ਹੋ ਗਈ ਹੈ। ਜਾਰੀ ਹੁਕਮਾਂ ਅਨੁਸਾਰ ਵਧਿਆ ਹੋਇਆ ਮਹਿੰਗਾਈ ਭੱਤਾ 1 ਸਤੰਬਰ 2026 ਤੋਂ ਲਾਗੂ ਹੋਵੇਗਾ। ਇਸ ਦਾ ਲਾਭ ਮੁਲਾਜ਼ਮਾਂ ਨੂੰ ਸਤੰਬਰ 2026 ਦੀ ਤਨਖਾਹ ਨਾਲ ਮਿਲੇਗਾ। ਇਸ ਵਾਧੇ ਨਾਲ ਪੰਜਾਬ ਸਰਕਾਰ ਦੇ ਅਧੀਨ ਕੰਮ ਕਰ ਰਹੇ ਯੋਗ ਕਰਮਚਾਰੀਆਂ ਦੀ ਤਨਖਾਹ ਵਿੱਚ ਸਿੱਧਾ ਵਾਧਾ ਹੋਵੇਗਾ। ਇਹ ਹੁਕਮ ਵਿੱਤ ਵਿਭਾਗ ਦੀ ਵਿੱਤ ਕਰਮਚਾਰੀ-1 ਸ਼ਾਖਾ ਵੱਲੋਂ 23 ਸਤੰਬਰ 2026 ਨੂੰ ਜਾਰੀ ਕੀਤਾ ਗਿਆ। ਹੁਕਮ ਅੰਡਰ ਸੈਕਟਰੀ, ਵਿੱਤ ਵਿਭਾਗ ਵੱਲੋਂ ਪੱਤਰ ਨੰਬਰ FD-FP-10DA/3/2024-1FP1/36 ਤਹਿਤ ਜਾਰੀ ਕੀਤੇ ਗਏ ਹਨ।
ਵਿੱਤ ਵਿਭਾਗ ਵੱਲੋਂ ਇਹ ਹਦਾਇਤਾਂ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਅਤੇ ਸੈਸ਼ਨ ਜੱਜਾਂ, ਪੰਜਾਬ ਵਿਧਾਨ ਸਭਾ ਦੇ ਸਕੱਤਰ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਦੇ ਅਕਾਊਂਟੈਂਟ ਜਨਰਲ (ਆਡਿਟ ਅਤੇ ਏ ਐਂਡ ਈ), ਜ਼ਿਲ੍ਹਾ ਖਜ਼ਾਨਾ ਅਧਿਕਾਰੀਆਂ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਵੀ ਹੁਕਮਾਂ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੂੰ ਵਧੇ ਹੋਏ ਮਹਿੰਗਾਈ ਭੱਤੇ ਦੇ ਅਨੁਸਾਰ ਤਨਖਾਹ ਦੀ ਅਦਾਇਗੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਹੁਕਮਾਂ ਦੀਆਂ ਕਾਪੀਆਂ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਰਜਿਸਟਰਾਰਾਂ ਨੂੰ ਵੀ ਭੇਜੀਆਂ ਗਈਆਂ ਹਨ।
ਇਨ੍ਹਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ, ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ, ਬਾਬਾ ਫਰੀਦ ਮੈਡੀਕਲ ਸਾਇੰਸਿਜ਼ ਯੂਨੀਵਰਸਿਟੀ ਫਰੀਦਕੋਟ ਅਤੇ ਗੁਰੂ ਰਵਿਦਾਸ ਆਯੁਰਵੇਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਸ਼ਾਮਲ ਹਨ। ਸਰਕਾਰ ਦੇ ਇਸ ਫੈਸਲੇ ਨਾਲ ਯੋਗ ਮੁਲਾਜ਼ਮਾਂ ਨੂੰ ਮਹਿੰਗਾਈ ਦੇ ਮੱਦੇਨਜ਼ਰ ਵਾਧੂ ਵਿੱਤੀ ਰਾਹਤ ਮਿਲੇਗੀ ਅਤੇ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ DA ਦੇ ਰੂਪ ਵਿੱਚ ਵਾਧਾ ਹੋਵੇਗਾ।
