ਜਲੰਧਰ, 9 ਅਗਸਤ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਮੇਨ ਕਪੂਰਥਲਾ ਰੋਡ ’ਤੇ ਬਸਤੀ ਬਾਵਾ ਖੇਲ ਤੋਂ ਲੈ ਕੇ ਜਲੰਧਰ ਕੁੰਜ ਤੱਕ ਕਰੀਬ 5 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਇੰਟਰਲਾਕ ਅਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਕੈਬਨਿਟ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਦਿਨ-ਰਾਤ ਇਕ ਕਰਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੜਕਾਂ, ਸੀਵਰੇਜ, ਸਟ੍ਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੇਨ ਕਪੂਰਥਲਾ ਰੋਡ ਦੇ ਇਸ ਹਿੱਸੇ ਵਿੱਚ ਇੰਟਰਲਾਕ ਅਤੇ ਸੈਂਟਰ ਵਰਜ ਦਾ ਕੰਮ ਹੋਣ ਨਾਲ ਇਲਾਕੇ ਦੇ ਦਿੱਖ ਹੋਰ ਬਿਹਤਰ ਹੋਵੇਗੀ ਅਤੇ ਆਵਾਜਾਈ ਨੂੰ ਵੀ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਨੂੰ ਕਾਇਮ ਰੱਖਦਿਆਂ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ।
