ਕਰਤਾਰਪੁਰ (ਜਲੰਧਰ), ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਦੇਸ਼ ਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਆਜ਼ਾਦੀ ਸਾਨੂੰ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਆਜ਼ਾਦੀ ਸੰਗਰਾਮ ਦੇ ਨਾਇਕਾਂ ਦੀ ਵਿਰਾਸਤ ਨੂੰ ਸੰਭਾਲੀਏ ਅਤੇ ਉਨ੍ਹਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਦੇ ਹੋਏ ਦੇਸ਼ ਦੀ ਤਰੱਕੀ ਤੇ ਵਿਕਾਸ ਲਈ ਇਕਜੁੱਟ ਹੋ ਕੇ ਕੰਮ ਕਰੀਏ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵੱਲੋਂ ਡਾ. ਬੀ.ਆਰ. ਅੰਬੇਡਕਰ ਚੌਕ ਜਲੰਧਰ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਭਾਰਤੀ ਸੰਵਿਧਾਨ ਦੀ ਰਚਨਾ ਰਾਹੀਂ ਲੋਕਤੰਤਰ, ਸਮਾਨਤਾ, ਨਿਆਂ ਅਤੇ ਆਜ਼ਾਦੀ ਦੇ ਮਜ਼ਬੂਤ ਸਿਧਾਂਤ ਦਿੱਤੇ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਨਵੇਂ ਭਾਰਤ ਦੇ ਨਿਰਮਾਣ ਵਿੱਚ ਬਾਬਾ ਸਾਹਿਬ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਮਲਹੋਤਰਾ, ‘ਆਪ’ ਆਗੂ ਨਿਤਿਨ ਕੋਹਲੀ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
