ਜਲੰਧਰ, ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਪਹਿਲਕਦਮੀ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਸਿਹਤ ਸੇਵਾਵਾਂ ਸਬੰਧੀ ਕੈਂਪਾਂ ਦੀ ਲੜੀ ਤਹਿਤ ਅੱਜ ਸੀ.ਐਚ.ਸੀ. ਆਦਮਪੁਰ ਵਿਖੇ ਕੈਂਪ ਲਗਾਇਆ ਗਿਆ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਸਿਹਤ ਜਾਂਚ ਤੋਂ ਇਲਾਵਾ ਬਜ਼ੁਰਗਾਂ ਨੂੰ ਕਾਨੂੰਨੀ ਸਹਾਇਤਾ, ਵਿੱਤੀ ਸਾਖ਼ਰਤਾ ਆਦਿ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਸੀ.ਐਚ.ਸੀ. ਆਦਮਪੁਰ ਵਿਖੇ ਲਗਾਏ ਗਏ ਸਿਹਤ ਸੇਵਾਵਾਂ ਸਬੰਧੀ ਕੈਂਪ ਵਿੱਚ ਕਰੀਬ 150 ਬਜ਼ੁਰਗਾਂ ਨੇ ਲਾਭ ਲਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਬਜ਼ੁਰਗਾਂ ਨੂੰ ਕਾਨੂੰਨੀ ਸਹਾਇਤਾ ਅਤੇ ਵਿੱਤੀ ਸਾਖ਼ਰਤਾ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਕੀਮਤੀ ਸਰਮਾਇਆ ਹਨ, ਜਿਨ੍ਹਾਂ ਦੀ ਸਾਂਭ-ਸੰਭਾਲ ਕਰਨਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਮਕਸਦ ਬਜ਼ੁਰਗਾਂ ਨੂੰ ਸੌਖੀਆਂ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਦੇਣਾ ਹੈ।
