ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਅੱਜ ਦਿੱਲੀ ਵਿੱਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਕੱਢਿਆ ਗਿਆ। ਪਾਰਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੀਤੇ ਗਏ ਇਸ ਮਾਰਚ ਰਾਹੀਂ ਕੇਂਦਰ ਸਰਕਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਜਲਦੀ ਕਰਵਾਉਣ ਦੀ ਮੰਗ ਕੀਤੀ ਗਈ।ਪਾਰਟੀ ਵੱਲੋਂ ਪਹਿਲਾਂ ਕੀਤੇ ਐਲਾਨ ਅਨੁਸਾਰ ਆਗੂਆਂ, ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਿੱਖ ਸੰਗਤ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਇਕੱਠੇ ਹੋ ਕੇ ਸੰਸਦ ਵੱਲ ਮਾਰਚ ਕਰਨਾ ਸੀ। ਪਾਰਟੀ ਨੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਦੇਣ ਦਾ ਵੀ ਐਲਾਨ ਕੀਤਾ ਸੀ।
ਪਾਰਟੀ ਨੇ ਦੋਸ਼ ਲਾਇਆ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਲਗਪਗ 15 ਸਾਲਾਂ ਤੋਂ ਨਹੀਂ ਕਰਵਾਈਆਂ ਗਈਆਂ, ਜਿਸ ਕਾਰਨ ਸਿੱਖਾਂ ਦੀ ਇਸ ਪ੍ਰਮੁੱਖ ਸੰਸਥਾ ਵਿੱਚ ਲੋਕਤੰਤਰੀ ਪ੍ਰਕਿਰਿਆ ਪ੍ਰਭਾਵਿਤ ਹੋ ਰਹੀ ਹੈ। ਪਾਰਟੀ ਨੇ ਕੇਂਦਰ ਸਰਕਾਰ ਤੋਂ ਚੋਣਾਂ ਕਰਵਾਉਣ ਵਿੱਚ ਆ ਰਹੀਆਂ ਕਾਨੂੰਨੀ ਸਮੱਸਿਆਵਾਂ ਦੂਰ ਕਰਕੇ ਜਲਦੀ ਚੋਣਾਂ ਦਾ ਐਲਾਨ ਕਰਨ ਦੀ ਮੰਗ ਕੀਤੀ ਹੈ। ਮਾਰਚ ਦੌਰਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਪੰਥਕ ਮੁੱਦੇ ਵੀ ਉਠਾਏ ਜਾਣੇ ਸਨ।
