ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਵਧਾਉਣ ਅਤੇ ਉਨ੍ਹਾਂ ਦੇ ਛੋਟੇ ਭਰਾ ਨੂੰ ਵਿਸ਼ੇਸ਼ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਉੱਠੀ ਹੈ। ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਤੇ ਕੌਂਸਲ ਆਫ ਲਾਇਰਜ਼ ਦੇ ਚੇਅਰਮੈਨ ਵਾਸੂ ਰੰਜਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਮੂਸੇਵਾਲਾ ਦੇ ਮਾਤਾ-ਪਿਤਾ ਬਲਕੌਰ ਸਿੰਘ ਅਤੇ ਚਰਨ ਕੌਰ ਸਮੇਤ ਉਨ੍ਹਾਂ ਦੇ ਨਾਬਾਲਗ ਪੁੱਤਰ ਨੂੰ Z+ ਸ਼੍ਰੇਣੀ ਦੀ ਸੁਰੱਖਿਆ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪਰਿਵਾਰ ਤੇ ਗੈਂਗਸਟਰਾਂ ਦੇ ਹਮਲੇ ਦਾ ਖ਼ਦਸ਼ਾ ਜਤਾਉਂਦਿਆਂ ਖੁਫੀਆ ਏਜੰਸੀਆਂ ਤੋਂ ਤੁਰੰਤ ਖ਼ਤਰੇ ਦਾ ਮੁਲਾਂਕਣ ਕਰਵਾਉਣ ਦੀ ਮੰਗ ਵੀ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰੀ ਨੂੰ ਭੇਜੇ ਪੱਤਰ ਵਿੱਚ ਵਾਸੂ ਰੰਜਨ ਨੇ ਕਿਹਾ ਕਿ 29 ਮਈ 2022 ਨੂੰ ਗੈਂਗਸਟਰਾਂ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਸੀ। ਹਾਲ ਹੀ ਵਿੱਚ ਉਨ੍ਹਾਂ ਨੇ ਇੱਕ ਵੀਡੀਓ ਦੇਖੀ, ਜਿਸ ਵਿੱਚ ਕਥਿਤ ਤੌਰ ਤੇ ਮੂਸੇਵਾਲਾ ਦੇ ਨਾਬਾਲਗ ਛੋਟੇ ਭਰਾ ਨੂੰ ਕੈਨੇਡਾ ਵਿੱਚ ਇੱਕ ਮੰਚ ਤੇ ਦੇਖਿਆ ਗਿਆ ਸੀ।
