ਪੰਜਾਬ ਵਿੱਚ ਸਰਦੀ ਦਾ ਅਸਰ ਲਗਾਤਾਰ ਵਧਣ ਲੱਗਾ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਉਲਟ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ ਫਰੀਦਕੋਟ ਵਿੱਚ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਦਰਜ ਹੋਇਆ ਹੈ। ਉੱਥੇ ਹੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 1.1 ਡਿਗਰੀ ਘੱਟ ਹੈ।
ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। 29 ਨਵੰਬਰ ਨੂੰ ਵੀ ਮੌਸਮ ਦਾ ਇਹੀ ਰੁਖ਼ ਰਹਿਣ ਦੀ ਉਮੀਦ ਹੈ। ਹਾਲਾਂਕਿ, ਇਸ ਦੌਰਾਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। 30 ਨਵੰਬਰ ਨੂੰ ਵੀ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਅਗਲੇ ਹਫ਼ਤੇ ਵੀ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 24 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ, ਜਦਕਿ ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ। ਰਾਤ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਉੱਤਰੀ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 6 ਤੋਂ 8 ਡਿਗਰੀ ਅਤੇ ਸੂਬੇ ਦੇ ਬਾਕੀ ਹਿੱਸਿਆਂ ਵਿੱਚ 8 ਤੋਂ 10 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।
