ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਪਰਗਟ ਸਿੰਘ ਦੇ ਘਰ ਹੋਈ, ਜਿਸ ਤੋਂ ਬਾਅਦ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਇਸ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।ਮੁਲਾਕਾਤ ਤੋਂ ਬਾਅਦ ਪਰਗਟ ਸਿੰਘ ਨੇ ਕਿਹਾ ਕਿ ਬਾਬਾ ਜੀ ਦਾ ਅਸ਼ੀਰਵਾਦ ਮਿਲਣਾ ਉਨ੍ਹਾਂ ਲਈ ਸਭ ਤੋਂ ਵੱਡੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਜਿਹੇ ਭਾਈਚਾਰੇ ਅਤੇ ਸਮਾਜ ਦੀ ਇੱਛਾ ਰੱਖਦਾ ਹੈ, ਜਿੱਥੇ ਆਪਸੀ ਸਾਂਝ ਹੋਵੇ। ਪੰਜਾਬ ਗੁਰੂਆਂ, ਪੀਰਾਂ ਅਤੇ ਫਕੀਰਾਂ ਦੀ ਧਰਤੀ ਹੈ ਅਤੇ ਸੂਬੇ ਵਿੱਚ ਸੁਖਾਵਾਂ ਮਾਹੌਲ ਬਣਿਆ ਰਹਿਣਾ ਚਾਹੀਦਾ ਹੈ।
ਪਰਗਟ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਬਿਨਾਂ ਕਿਸੇ ਡਰ-ਭੈਅ ਦੇ ਤਰੱਕੀ ਹੋਣੀ ਚਾਹੀਦੀ ਹੈ ਅਤੇ ਲੋਕਾਂ ਨੂੰ ਸ਼ਾਂਤੀਪੂਰਨ ਮਾਹੌਲ ਮਿਲਣਾ ਚਾਹੀਦਾ ਹੈ।ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਇਸ ਤੋਂ ਬਾਅਦ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਇਨ੍ਹਾਂ ਮੁਲਾਕਾਤਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਡੇਰਾ ਬਿਆਸ ਮੁਖੀ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਹੁਣ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਤੇ ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨਾਲ ਹੋਈਆਂ ਮੁਲਾਕਾਤਾਂ ਨੂੰ ਪੰਜਾਬ ਦੀ ਸਿਆਸਤ ਅਤੇ ਆਉਣ ਵਾਲੀਆਂ ਚੋਣਾਂ ਦੇ ਸੰਦਰਭ ਵਿੱਚ ਵੀ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਇਨ੍ਹਾਂ ਮੁਲਾਕਾਤਾਂ ਦੇ ਸਿਆਸੀ ਮਕਸਦ ਨੂੰ ਲੈ ਕੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ।
