ਜਲੰਧਰ, ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ 25 ਸਤੰਬਰ ਨੂੰ ਮਨਾਏ ਜਾ ਰਹੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਮੇਲੇ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲੇ ਦੀ ਖੇਤਰ ਵਿੱਚ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਰਧਾਲੂ ਬਿਨਾਂ ਕਿਸੇ ਦਿੱਕਤ ਦੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਵਿੱਚ ਸ਼ਾਮਲ ਹੋ ਕੇ ਸ਼ਰਧਾ ਭੇਟ ਕਰ ਸਕਣ।
ਸ਼੍ਰੀ ਵਾਲੀਆ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੁਰੱਖਿਆ, ਸੁਚਾਰੂ ਆਵਾਜਾਈ, ਸੁਚੱਜੀ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲੋਕ ਨਿਰਮਾਣ ਵਿਭਾਗ ਨੂੰ ਮੇਲੇ ਵਿੱਚ ਲੱਗਣ ਵਾਲੀਆਂ ਸਟੇਜਾਂ ਅਤੇ ਝੂਲਿਆਂ ਦੀ ਲੋੜੀਂਦੀ ਜਾਂਚ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।
