ਜਲੰਧਰ, 31 ਅਕਤੂਬਰ- ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਜਨਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਤਹਿਤ ਉਨ੍ਹਾਂ ਨੇ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਦਿਆਂ ਪਾਰਟੀ ਵਰਕਰਾਂ ਅਤੇ ਸਥਾਨਕ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਸ਼ੁਰੂ ਕਰ ਦਿੱਤਾ ਹੈ।
ਇਸ ਮੁਹਿੰਮ ਤਹਿਤ ਵਾਰਡ ਨੰਬਰ 67 ਦੇ ਇੰਚਾਰਜ ਸੰਜੇ ਅਰੋੜਾ ਦੇ ਨਿਵਾਸ ਸਥਾਨ ਅਤੇ ਵਾਰਡ ਨੰਬਰ 70 ਵਿੱਚ ਰਾਜੀਵ ਦੇ ਨਿਵਾਸ ਸਥਾਨ ’ਤੇ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ, ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਨਾਲ ਜੋੜਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਰਾਕੇਸ਼ ਰਾਠੌਰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਸਿਰਫ਼ ਸੱਤਾ ਪਰਿਵਰਤਨ ਦੀਆਂ ਚੋਣਾਂ ਨਹੀਂ ਹੋਣਗੀਆਂ, ਸਗੋਂ ਇਹ ਪੰਜਾਬ ਦੇ ਭਵਿੱਖ, ਵਿਕਾਸ ਅਤੇ ਸੁਰੱਖਿਆ ਦੀ ਦਿਸ਼ਾ ਤੈਅ ਕਰਨ ਵਾਲੀਆਂ ਚੋਣਾਂ ਹੋਣਗੀਆਂ।ਪੰਜਾਬ ਦੀ ਜਨਤਾ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੈ ਅਤੇ ਹੁਣ ਸੂਬੇ ਵਿੱਚ ਵਿਕਾਸ, ਸੁਸ਼ਾਸਨ ਅਤੇ ਜਵਾਬਦੇਹ ਸਰਕਾਰ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵਰਕਰ ਸਿਰਫ਼ ਚੋਣਾਂ ਦੇ ਸਮੇਂ ਹੀ ਨਹੀਂ, ਸਗੋਂ ਲਗਾਤਾਰ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਗੇ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ।
