ਮਹਾਰਾਸ਼ਟਰ ਸਰਕਾਰ ਨੇ ਬੰਬੇ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਹੁਣ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਨੂੰ ਮੁੜ ਬਹਾਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਾਲ 2022 ਵਿੱਚ ਬੋਰਡ ਭੰਗ ਕੀਤੇ ਜਾਣ ਤੋਂ ਬਾਅਦ ਸਰਕਾਰੀ ਪ੍ਰਸ਼ਾਸਕ ਰਾਹੀਂ ਚਲਾਏ ਜਾ ਰਹੇ ਪ੍ਰਬੰਧ ਦਾ ਦੌਰ ਖ਼ਤਮ ਹੋ ਗਿਆ ਹੈ।
ਬੰਬੇ ਹਾਈ ਕੋਰਟ ਦੇ ਔਰੰਗਾਬਾਦ ਬੈਂਚ ਨੇ ਸਰਕਾਰ ਨੂੰ 28 ਅਕਤੂਬਰ ਤੱਕ ਬੋਰਡ ਬਹਾਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਹੁਕਮਾਂ ਦੀ ਪਾਲਣਾ ਨਾ ਹੋਣ ਦੇ ਹਾਲਾਤ ਵਿੱਚ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਸੀ। ਇਸ ਤੋਂ ਬਾਅਦ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰਦਿਆਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਬੋਰਡ ਅਤੇ ਇਸ ਦੇ ਪਹਿਲਾਂ ਵਾਲੇ 9 ਮੈਂਬਰੀ ਬੋਰਡ ਨੂੰ ਬਹਾਲ ਕਰ ਦਿੱਤਾ ਹੈ।
