ਨਕੋਦਰ (ਜਲੰਧਰ), ਵਿਧਾਨਸਭਾ ਹਲਕਾ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਹਾਕੀ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਲੋਕਾਂ ਅਤੇ ਖਿਡਾਰੀਆਂ ਦੇ ਰੂ-ਬਰੂ ਹੁੰਦਿਆਂ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਤਿਆਰ ਕੀਤਾ ਗਿਆ ਇਹ ਅਤਿ ਆਧੁਨਿਕ ਖੇਡ ਮੈਦਾਨ, ਜਿਸ ਵਿੱਚ ਲਾਈਟਾਂ, ਗਰਾਊਂਡ ਲਈ ਪਾਣੀ, ਬਾਥਰੂਮ ਆਦਿ ਸਮੇਤ ਹੋਰ ਸਹੂਲਤਾਂ ਉਪਲਬਧ ਹਨ, ਖਿਡਾਰੀਆਂ ਲਈ ਲਾਹੇਵੰਦ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡ ਸਰੀਂਹ ਨੇ ਹਾਕੀ ਦੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਹਨ ਅਤੇ ਇਹ ਖੇਡ ਮੈਦਾਨ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਵਧੀਆ ਖੇਡ ਪ੍ਰਦਰਸ਼ਨ ਲਈ ਵੀ ਉਤਸ਼ਾਹਿਤ ਕਰੇਗਾ।
ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਤਿ ਆਧੁਨਿਕ ਖੇਡ ਮੈਦਾਨਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਉਥੇ ਖੇਡਾਂ ਦੇ ਖੇਤਰ ਵਿੱਚ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਖਿਡਾਰੀਆਂ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਅੱਗੇ ਆਉਣ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਐਸ.ਡੀ.ਓ. ਅਸ਼ਵਨੀ ਗੇੜਾ, ਜੇ.ਈ. ਅਵਿਨਾਸ਼, ਚੇਅਰਮੈਨ ਚਰਨਜੀਤ ਸਿੰਘ, ਸਰਪੰਚ ਦਰਸ਼ਨ ਸਿੰਘ ਆਦਿ ਵੀ ਮੌਜੂਦ ਸਨ।
