ਜਲੰਧਰ, 10 ਅਕਤੂਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰਾਜ ਪੱਧਰੀ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਖੇਡਾਂ ਦੌਰਾਨ ਵਾਲੀਬਾਲ ਸ਼ੂਟਿੰਗ, ਸ਼ਤਰੰਜ ਅਤੇ ਟੇਬਲ ਟੈਨਿਸ ਦੇ ਸ਼ਾਨਦਾਰ ਮੁਕਾਬਲੇ ਹੋਣਗੇ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਮੁੜ ਸੁਰਜੀਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ, ਜੋ ਖੁਦ ਬਹੁਤ ਵੱਡੇ ਖੇਡ ਪ੍ਰੇਮੀ ਹਨ, ਨੇ ਫੁੱਟਬਾਲ ਅਤੇ ਹਾਕੀ ਤੋਂ ਲੈ ਕੇ ਵਾਲੀਬਾਲ ਤੱਕ, ਸਭ ਦੀਆਂ ਖੇਡਾਂ ਦੇ ਵਿਕਾਸ ਨੂੰ ਲਗਾਤਾਰ ਤਰਜੀਹ ਦਿੱਤੀ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਇਕ ਅਹਿਮ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਇੱਕ ਖਿਡਾਰੀ ਕਦੇ ਵੀ ਨਸ਼ਿਆਂ ਵਿੱਚ ਨਹੀ ਪੈਂਦਾ ਅਤੇ ਖੇਡਾਂ ਸਾਡੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਦਾ ਸਭ ਤੋਂ ਕਾਰਗਰ ਹਥਿਆਰ ਹਨ।
