ਜਲੰਧਰ: ਸ਼੍ਰੀ ਕਰਨੈਲ ਸਿੰਘ, PPS, ACP HQ Jalandhar ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 1 ਦੇ ਅਧੀਨ ਆਉਂਦੀ ਮਕਸੂਦਾ ਮੰਡੀ ਵਿਖੇ ਲੜਾਈ-ਝਗੜੇ ਸਬੰਧੀ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਸੀ।
ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 1 ਦੇ SHO ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਗਈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਕੁਝ ਪ੍ਰਵਾਸੀ ਮਜ਼ਦੂਰ ਆਪਸ ਵਿੱਚ ਬੈਠ ਕੇ ਸ਼ਰਾਬ ਪੀ ਰਹੇ ਸਨ, ਜਿਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਵਿਚਕਾਰ ਝਗੜਾ ਹੋ ਗਿਆ।
ਝਗੜੇ ਦੌਰਾਨ ਇੱਕ ਵਿਅਕਤੀ ਵੱਲੋਂ ਦੂਸਰੇ ਵਿਅਕਤੀ ਦੀ ਬਾਂਹ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਸਨੂੰ ਸੱਟਾਂ ਲੱਗੀਆਂ। ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ।
ਜ਼ਖਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਵਿਖੇ ਦਾਖਲ ਕਰਵਾਇਆ ਗਿਆ ਹੈ। ਉਸਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਮੁਕੱਦਮਾ ਦਰਜ ਕੀਤਾ ਜਾਵੇਗਾ।
ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
