ਜਲੰਧਰ, 4 ਅਪ੍ਰੈਲ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਆਉਣ ਵਾਲੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦੇ ਇਕ-ਇਕ ਦਾਣੇ ਦੀ ਖ਼ਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੀਜ਼ਨ ਦੌਰਾਨ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਪਹਿਲਾਂ ਹੀ ਵਿਆਪਕ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।
ਕੈਬਨਿਟ ਮੰਤਰੀ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ, ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਾਲ ਕਣਕ ਦੀ ਬੰਪਰ ਫ਼ਸਲ ਹੋਣ ਦੀ ਉਮੀਦ ਹੈ ਅਤੇ 122 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 122 ਲੱਖ ਮੀਟ੍ਰਿਕ ਟਨ ਦੇ ਅਨੁਮਾਨਤ ਖ਼ਰੀਦ ਟੀਚੇ ਦੇ ਮੁਕਾਬਲੇ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਨੂੰ ਸੰਭਾਲਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ, ਜਿਸ ਨਾਲ ਪੂਰੇ ਸੀਜ਼ਨ ਦੌਰਾਨ ਲੋੜੀਂਦੀ ਵਾਧੂ ਸਮਰੱਥਾ ਅਤੇ ਸੁਚਾਰੂ ਖ਼ਰੀਦ ਕਾਰਜ ਯਕੀਨੀ ਬਣਾਏ ਜਾ ਸਕਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਖ਼ਰੀਦ ਵਿੱਚ ਲੱਗੇ ਮਜ਼ਦੂਰਾਂ ਲਈ ਮਜ਼ਦੂਰੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ, ਇਹ ਯਕੀਨੀ ਬਣਾਉਣ ਲਈ ਕਿ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ, 51 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਫ਼ਸਲ ਖੁੱਲ੍ਹੇ ਪਲਿੰਥਾਂ ਵਿੱਚ ਰੱਖਣ ਲਈ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਕਣਕ ਦੀ ਫ਼ਸਲ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਉਣ ਲਈ ਅਪ੍ਰੈਲ ਵਿੱਚ 409 ਸਪੈਸ਼ਲਾਂ ਅਤੇ ਮਈ ਵਿੱਚ 449 ਸਪੈਸ਼ਲਾਂ ਲਈ ਮੰਗ ਕੀਤੀ ਗਈ ਹੈ।ਲਈ ਮੰਡੀਆਂ ਵਿੱਚ ਸਾਫ-ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਰੌਸ਼ਨੀ ਦੇ ਪ੍ਰਬੰਧ ਅਤੇ ਸ਼ੈੱਡਾਂ ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਸੀਜ਼ਨ ਦੌਰਾਨ ਆਪਣੀਆਂ ਸਬੰਧਤ ਮੰਡੀਆਂ ਵਿੱਚ ਮੌਜੂਦ ਰਹਿਣ ਤਾਂ ਜੋ ਕਿਸਾਨਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
