ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰਨਾਂ ਸਰਾਵਾਂ ਨਾਲ ਜੁੜੇ ਬਹਿਰੀਨ ਵਾਲੀ ਬੀਬੀ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੱਡਾ ਬਿਆਨ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਬਣਾਈ ਗਈ ਚਾਰ ਮੈਂਬਰੀ ਕਮੇਟੀ ਨੇ ਆਪਣੀ ਮੁੱਢਲੀ ਰਿਪੋਰਟ ਸੌਂਪ ਦਿੱਤੀ ਹੈ। ਧਾਮੀ ਨੇ ਕਿਹਾ ਕਿ ਜਾਂਚ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ SGPC ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਰਾਵਾਂ ਵਿੱਚ ਤਾਇਨਾਤ ਇੰਚਾਰਜ ਅਮਰੀਕ ਸਿੰਘ ਵੱਲੋਂ ਰਿਕਾਰਡ ਵਿੱਚ ਹੇਰਾਫੇਰੀ ਕੀਤੀ ਗਈ ਅਤੇ ਕਈ ਗਲਤ ਤੱਥ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਰਿਕਾਰਡ ਨਾਲ ਛੇੜਛਾੜ ਦੇ ਮਾਮਲੇ ਵਿੱਚ ਅਮਰੀਕ ਸਿੰਘ ਸਮੇਤ ਹੋਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਬੀਬੀ ਨੂੰ ਧਰਮ ਅਰਥ ਫੰਡ ਵਿੱਚੋਂ ਦਿੱਤੀ ਗਈ ਇੱਕ ਲੱਖ ਰੁਪਏ ਦੀ ਸਹਾਇਤਾ ਬਾਰੇ ਧਾਮੀ ਨੇ ਸਪੱਸ਼ਟ ਕੀਤਾ ਕਿ ਇਹ ਰਕਮ ਮੈਂਬਰ ਅਮਰਜੀਤ ਸਿੰਘ ਚਾਵਲਾ ਦੀ ਸਿਫਾਰਸ਼ ਅਤੇ ਅੰਤਿਮ ਕਮੇਟੀ ਦੀ ਮਨਜ਼ੂਰੀ ਤੋਂ ਬਾਅਦ ਇਲਾਜ ਲਈ ਜਾਰੀ ਕੀਤੀ ਗਈ ਸੀ। ਉਨ੍ਹਾਂ ਮੁਤਾਬਕ ਬੀਬੀ ਨੇ ਮਾਨਸਿਕ ਪਰੇਸ਼ਾਨੀ ਦੇ ਇਲਾਜ ਲਈ ਸਹਾਇਤਾ ਦੀ ਮੰਗ ਕੀਤੀ ਸੀ ਅਤੇ ਅਰਜ਼ੀ ਨਾਲ ਇਲਾਜ ਸਬੰਧੀ ਰਿਪੋਰਟਾਂ ਵੀ ਲਗਾਈਆਂ ਗਈਆਂ ਸਨ।
