ਅੰਮ੍ਰਿਤਸਰ, ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਸ. ਪਰਵਿੰਦਰ ਸਿੰਘ ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਡੱਟ ਕੇ ਖੜ੍ਹੀ ਹੈ ਅਤੇ ਸ. ਪਰਵਿੰਦਰ ਸਿੰਘ ਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਿੱਖ ਨੌਜਵਾਨ ਦੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਜੋਂ ਭਲਕੇ 15 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਮੁੱਚੇ ਅਦਾਰੇ ਬੰਦ ਰੱਖੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਰੋਜ਼ਾਨਾ ਸੈਂਕੜੇ ਨੌਜੁਆਨ ਇਸ ਦਾ ਸ਼ਿਕਾਰ ਹੋ ਰਹੇ ਹਨ ਅਤੇ ਅਨੇਕਾਂ ਘਰ ਉਜੜ ਰਹੇ ਹਨ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨਾਲ ਸੰਵਦ ਸਮੇਂ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਸਬੰਧੀ ਸਾਹਮਣੇ ਆਈਆਂ ਗੱਲਾਂ ਨੇ ਸਰਕਾਰ ਦੇ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਪ੍ਰੀਤਪਾਲ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਅਜ਼ਾਦ ਦੀਪ ਸਿੰਘ, ਸ. ਸਤਨਾਮ ਸਿੰਘ ਰਿਆੜ, ਸੁਪ੍ਰੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਹੋਰ ਮੌਜੂਦ ਸਨ।
