ਜਲੰਧਰ, ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸ਼ੇਖੇ ਵਿਖੇ ਚੱਲ ਰਹੇ ਮੁੜ ਵਸੇਬਾ ਕੇਂਦਰ ਨੂੰ ਪੰਜਾਬ ਪੱਧਰ ’ਤੇ ਮਾਡਲ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਅੱਜ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਕੇ ਇਸ ਨੂੰ ਮਾਡਲ ਕੇਂਦਰ ਵਜੋਂ ਵਿਕਸਿਤ ਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਪਰਨਾ ਐਮ.ਬੀ., ਐਸ.ਡੀ.ਐਮ. ਆਦਮਪੁਰ ਵਿਵੇਕ ਮੋਦੀ, ਐਸ.ਡੀ.ਐਮ. ਰਣਦੀਪ ਸਿੰਘ ਹੀਰ, ਸਿਵਲ ਸਰਜਨ ਡਾ. ਗੁਰਮੀਤ ਲਾਲ ਅਤੇ ਐਨ.ਜੀ.ਓ. ਸੰਨ ਫਾਊਂਡੇਸ਼ਨ ਵੱਲੋਂ ਬਲਜੀਤ ਕੌਰ ਵੀ ਮੌਜੂਦ ਸਨ।
ਦੌਰੇ ਦੌਰਾਨ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ ਕੇਂਦਰ ਵਿੱਚ ਮੌਜੂਦਾ ਸਮੇਂ ਉਪਲਬਧ ਇਲਾਜ ਸੇਵਾਵਾਂ ਅਤੇ ਹੋਰ ਸਹੂਲਤਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਕੇਂਦਰ ਦੇ ਸਟਾਫ਼ ਅਤੇ ਇਲਾਜ ਅਧੀਨ ਵਿਅਕਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜ਼ਰੂਰਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
