ਫਿਲੌਰ, ਸਾਂਝਾ ਅਧਿਆਪਕ ਮੋਰਚਾ ਤੇ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੱਦੇ ਤੇ ਅੱਜ ਸੈਂਕੜੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਤਹਿਸੀਲ ਫਿਲੌਰ ਕੰਪਲੈਕਸ ਅੱਗੇ ਇਕੱਠੇ ਹੋਏ ਸੈਂਕੜੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਾਂਝਾ ਅਧਿਆਪਕ ਮੋਰਚਾ ਦੇ ਸੂਬਾ ਕਨਵੀਨਰ ਸੁਰਿੰਦਰ ਕੁਮਾਰ ਪੁਆਰੀ, ਜ਼ਿਲ੍ਹਾ ਕਨਵੀਨਰ ਕਰਨੈਲ ਫਿਲੌਰ ਅਤੇ ਜ਼ਿਲ੍ਹਾ ਕਨਵੀਨਰ ਅਵਤਾਰ ਮਹਿਸਮਪੁਰ ਨੇ ਕਿਹਾ ਕਿ ਪੰਜਾਬ ਵਿੱਚ ਬਦਲਾਅ ਦੇ ਨਾਮ ਤੇ ਬਣੀ ਸਰਕਾਰ ਤੋਂ ਪੰਜਾਬ ਦੇ ਮੁਲਾਜਮਾਂ, ਕਿਸਾਨਾਂ, ਮਜਦੂਰਾਂ ਅਤੇ ਵਿਦਿਆਰਥੀਆਂ ਨੂੰ ਬਹੁਤ ਉਮੀਦਾਂ ਸਨ ਪਰ ਸਾਰੇ ਵਰਗਾਂ ਦੀਆਂ ਉਮੀਦਾਂ ਧਰੀਆਂ-ਧਰਾਈਆਂ ਰਹਿ ਗਈਆਂ। ਦੋ ਏਜੰਡਿਆਂ ਸਿੱਖਿਆ ਅਤੇ ਸਿਹਤ ਨੂੰ ਮੁੱਖ ਰੱਖ ਕੇ ਬਣੀ ਸਰਕਾਰ ਨੇ ਦੋਵਾਂ ਖੇਤਰਾਂ ਵਿੱਚ ਪੰਜਾਬ ਨੂੰ ਪਿੱਛੇ ਧੱਕ ਦਿੱਤਾ ਹੈ। ਪੰਜਾਬ ਦਾ ਸਿੱਖਿਆ ਮੰਤਰੀ ਅਧਿਆਪਕਾਂ ਨੂੰ ਮੀਟਿੰਗ ਤੇ ਬੁਲਾ ਕੇ ਅਤੇ ਮੀਟਿੰਗਾਂ ਵਿੱਚ ਮੰਗਾਂ ਮੰਨ ਕੇ ਮੁੱਕਰ ਰਿਹਾ ਹੈ। ਪੰਜਾਬ ਦਾ ਸਿੱਖਿਆ ਮੰਤਰੀ ਚਲਦੀਆਂ ਮੀਟਿੰਗਾਂ ਵਿੱਚ ਅੱਧ ਵਿਚਕਾਰ ਭੱਜ ਰਿਹਾ ਹੈ। ਬਲਾਕ ਤਹਿਸੀਲ ਪੱਧਰੀ ਅਰਥੀ ਫੁਕ ਮੁਜਹਾਰਿਆ ਤੋਂ ਬਾਅਦ 8 ਮਾਰਚ ਨੂੰ ਆਨੰਦਪੁਰ ਸਾਹਿਬ ਵਿਖੇ ਕੀਤੀ ਜਾਵੇਗੀ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।
ਆਗੂਆਂ ਨੇ ਮੰਗਾਂ ਦਾ ਜਿਕਰ ਕਰਦਿਆਂ ਕਿਹਾ ਕਿ ਪੀ. ਟੀ. ਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ, ਲੈਕਚਰਾਰਾਂ ਅਤੇ ਮਾਸਟਰ ਕੇਡਰ ਦੀਆਂ ਤਰੱਕੀਆਂ ਵਿੱਚ ਸਾਰੀਆਂ ਖਾਲੀ ਪੋਸਟਾਂ ਦਿਖਾ ਕੇ ਦੁਬਾਰਾ ਸਟੇਸ਼ਨ ਚੋਣ ਕਰਵਾਉਣ, ਕੰਪਿਊਟਰ ਅਧਿਆਪਕਾਂ ਨੂੰ ਪਿਕਟਸ ਸੁਸਾਇਟੀ ਦੀ ਬਜਾਏ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ ਸਮੇਤ ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੇ ਪੱਤਰ ਲਾਗੂ ਕਰਨ, 2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ,, ਸਿੱਖਿਆ ਨੀਤੀ 2020 ਰੱਦ ਕਰਕੇ ਪੰਜਾਬ ਦੀ ਸਿੱਖਿਆ ਨੀਤੀ ਬਣਾਉਣ, 16 ਫਰਵਰੀ 2024 ਦੀ ਕੌਮੀ ਹੜਤਾਲ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬੀ.ਐਲ.ਓ. ਸਮੇਤ ਅਧਿਆਪਕਾਂ ਤੋਂ ਵੱਖ-ਵੱਖ ਗੈਰ ਵਿੱਦਿਅਕ ਕੰਮ ਲੈਣੇ ਤੁਰੰਤ ਬੰਦ ਕੀਤੇ ਜਾਣ, ਬਦਲੀਆਂ ਦਾ ਕੰਮ ਨਵੇਂ ਸੈਸ਼ਨ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ, ਆਪਣੇ ਵਾਅਦੇ ਅਨੁਸਾਰ ਵਿਸ਼ੇਸ਼ ਕੈਟਾਗਰੀਆਂ ਲਈ ਬਦਲੀ ਦਾ ਪੋਰਟਲ ਹਰ ਮਹੀਨੇ ਖੋਲਿਆ ਜਾਵੇ। ਐਸ ਐਲ ਏ ਦੀ ਪੋਸਟ ਦਾ ਨਾਂ ਬਦਲਣ, ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕਰਨ, ਦਫਤਰੀ ਕਾਮਿਆਂ ਸਮੇਤ ਹਰ ਤਰ੍ਹਾਂ ਦੇ ਰਹਿੰਦੇ ਕੱਚੇ ਅਧਿਆਪਕ ਪੂਰੇ ਗ੍ਰੇਡ ‘ਤੇ ਪੱਕੇ ਕਰਨ, ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦੇ ਸਟਾਫ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ, ਮਿਡਲ ਸਕੂਲਾਂ ਦੀ ਮਰਜਿੰਗ ਰੱਦ ਕਰਨ, ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ ਕਰਨ, ਬੀਪੀਓ ਹੈੱਡਮਾਸਟਰ ਤੇ ਪ੍ਰਿੰਸੀਪਲ ਤੇ ਈਟੀਟੀ ਤੋਂ ਮਾਸਟਰ ਕਾਡਰ ਦੀਆਂ ਪਰਮੋਸ਼ਨਾਂ ਕਰਨ,ਸੀ ਈ ਪੀ ਤਹਿਤ ਵਿਿਦਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਤੋਂ ਹਟਾ ਕੇ ਫਰਜ਼ੀ ਰਿਕਾਰਡ ਬਣਵਾਉਣਾ ਬੰਦ ਕਰਨ, ਹਰ ਤਰ੍ਹਾਂ ਦੇ ਗੈਰ ਵਿਿਦਅਕ ਕੰਮ ਅਧਿਆਪਕਾਂ ਤੋਂ ਲੈਣੇ ਬੰਦ ਕਰਨ, ਉਚੇਰੀ ਗ੍ਰੇਡ ਪੇਅ ਬਹਾਲ ਰੱਖਦਿਆਂ ਜਨਵਰੀ 2016 ਤੋਂ 125% ਮਹਿੰਗਾਈ ਭੱਤੇ ‘ਤੇ ਤਨਖਾਹ ਦੁਹਰਾਈ ਕਰਨ, ਤਨਖਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਜਾਰੀ ਕਰਨ ਅਤੇ ਤਰੁਟੀਆਂ ਦੂਰ ਕਰਨ, ਸੋਧ ਦੇ ਨਾਂ ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕਰਨ, ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਤੁਰੰਤ ਜਾਰੀ ਕਰਨ ਸਮੇਤ ਅਧਿਆਪਕਾਂ ਦੇ ਸਮੁੱਚੇ ਮਸਲੇ ਹੱਲ ਕਰਨ ਦੀ ਮੰਗ ਕੀਤੀ।
ਅੱਜ ਦੇ ਇਸ ਐਕਸ਼ਨ ਮੌਕੇ ਜਸਪਾਲ ਸੰਧੂ , ਕਵਿਸ਼ ਵਾਲੀਆ, ਰੂਪੇਸਨਰ ਗੜ੍ਹਾ,ਲੇਖ ਰਾਜ ਪੰਜਾਬੀ, ਜਸਦੀਪ ਸਿੰਘ , ਹਰੀਸ਼ ਕੁਮਾਰ,ਜਗਜੀਤ ਸਿੰਘ ਰੰਧਾਵਾ,ਵਿਸ਼ਾਲ ਸੈਣੀ ,ਰਾਜਵਿੰਦਰ ਸਿੰਘ,ਜਸਵੀਰ ਸਿੰਘ, ਕਮਲ ਸ਼ਰਮਾ, ਬਲਵੀਰ ਕੁਮਾਰ,ਰਿਸ਼ੀ ਰਾਜ,ਸੁਖਵਿੰਦਰ ਰਾਮ, ਕਮਲ ਭਾਰਦਵਾਜ, ਰਾਕੇਸ਼ ਕੁਮਾਰ, ਜਗਸੀਰ, ਦੀਪਕ ਕੁਮਾਰ, ਜਤਿੰਦਰ ਮੋਗਾ, ਮੈਡਮ ਸੀਤਾ, ਪਵਨ ਕੁਮਾਰ, ਸੁਰਜੀਤ ਸਿੰਘ, ਸਤਵਿੰਦਰ ਸਿੰਘ, ਸੁਕੇਸ ਕੁਮਾਰ, ਸਤੀਸ਼ ਕੁਮਾਰ, ਪ੍ਰੇਮ ਪਾਲ ਔਜਲਾ, ਹਰੀ ਯਾਦਵ ਆਦਿ ਹਾਜ਼ਰ ਸਨ।
