ਜਲੰਧਰ, 3 ਜੂਨ : ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਸਬੰਧੀ ਜਾਰੀ ਸਮਾਂ ਸਾਰਣੀ ਵਿੱਚ ਸੋਧ ਕਰਦਿਆਂ ਨਵਾਂ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਅੱਜ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 31 ਜੁਲਾਈ 2026 ਦੀ ਬਜਾਏ ਹੁਣ 3 ਅਗਸਤ 2026 ਨੂੰ ਕੀਤੀ ਜਾਵੇਗੀ।
ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ 2026 ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ‘ਨੋਟਿਸ ਫੇਜ਼’ ਦੀ ਪ੍ਰਕਿਰਿਆ 3 ਅਗਸਤ 2026 ਤੋਂ 28 ਸਤੰਬਰ 2026 ਤੱਕ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆਂ ਸਾਰੀਆਂ ਗਤੀਵਿਧੀਆਂ ਦਾ ਸ਼ਡਿਊਲ ਪਹਿਲਾਂ ਵਾਲਾ ਹੀ ਰਹੇਗਾ। ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਵੋਟਰਾਂ ਪਾਸੋਂ ਫਾਰਮ ਭਰਵਾਉਣਗੇ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਹਰੇਕ ਵੋਟਰ ਨੂੰ ਬੀ.ਐਲ.ਓ. ਵੱਲੋਂ ਦਿੱਤਾ ਜਾਣ ਵਾਲਾ ਇਨੂਮੀਰੇਸ਼ਨ ਫਾਰਮ ਭਰਨਾ ਜ਼ਰੂਰੀ ਹੈ। ਜੇਕਰ ਕੋਈ ਵੋਟਰ ਇਨੂਮੀਰੇਸ਼ਨ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡ੍ਰਾਫ਼ਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ।
